— ਯੁੱਧ ਨਸ਼ਿਆ ਵਿਰੁੱਧ ਦੇ 154ਵੇਂ ਦਿਨ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 14 ਕਿਲੋ ਹੈਰੋਇਨ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਉਪਾਵਾਂ ਵਿੱਚ ਵਾਧਾ ਕਰਨ, ਗਸ਼ਤ ਵਧਾਉਣ ਅਤੇ ਰਾਤ ਦੇ ਅਭਿਆਨ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਸਬੰਧੀ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਨ੍ਹਾਂ ਦੋ ਹਫ਼ਤਿਆਂ ਵਿੱਚ ਸੀਪੀਜ਼/ਐਸਐਸਪੀਜ਼ ਨਿਯਮਤ ਤੌਰ ‘ਤੇ ਵੱਖ-ਵੱਖ ਕਾਰਵਾਈਆਂ ਕਰਨਗੇ ਜਿਸ ਵਿੱਚ ਅੱਤਵਾਦ /ਗੈਂਗਸਟਰ ਵਿਰੋਧੀ ਕਾਰਵਾਈਆਂ, ਜੇਲ੍ਹਾਂ ਦੀ ਜਾਂਚ, ਰਣਨੀਤਕ ਸਥਾਨਾਂ ‘ਤੇ ਨਾਕੇ ਲਗਾਉਣਾ, ਤਲਾਸ਼ੀ ਅਭਿਆਨ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਸ਼ੱਕੀ ਗਤੀਵਿਧੀਆਂ ਤੇ ਵਿਅਕਤੀਆਂ ‘ਤੇ ਨੇੜਿਓਂ ਨਜ਼ਰ ਰੱਖਣ ਅਤੇ ਕਿਸੇ ਵੱਲੋਂ ਵੀ ਸੁਰੱਖਿਆ ਉਲੰਘਣਾ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਵਿਸ਼ੇਸ਼ ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਜਨਤਕ ਸਥਾਨਾਂ ‘ਤੇ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਮਹੱਤਵਪੂਰਨ ਖੇਤਰਾਂ ਵਿੱਚ ਨਿਗਰਾਨੀ ਅਤੇ ਗਸ਼ਤ ਤੇਜ਼ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਉਹਨਾਂ ਅੱਗੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਚੌਕੀਆਂ ਦੀ ਗਿਣਤੀ ਵਧਾਉਣ ਅਤੇ ਹਰੇਕ ਨਾਕੇ ‘ਤੇ ਵੱਧ ਤੋਂ ਵੱਧ ਵਾਹਨਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਜਿਸ ਨਾਲ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਘਟਾਉਣ ਵਿੱਚ ਮਦਦ ਮਿਲੇਗੀ।
ਦੱਸਣਯੋਗ ਹੈ ਕਿ ਪੁਲਿਸ ਟੀਮਾਂ ਨੇ 154ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਜਾਰੀ ਰੱਖਦਿਆਂ ਅੱਜ 481 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ਵਿੱਚ 80 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 154 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,325 ਹੋ ਗਈ ਹੈ।
ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 13.9 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 34,820 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 511 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।
ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 68 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।