Sri Guru Arjan Dev Ji Parkash Gurpurab: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪੰਥ ਪ੍ਰਸਿੱਧ ਕਥਾਵਾਚਕਾਂ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।
Parkash Gurpurab of the fifth Guru Ji: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੋ ਸਜਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪੰਥ ਪ੍ਰਸਿੱਧ ਕਥਾਵਾਚਕਾਂ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ਼ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਵਧਾਈ ਸੰਦੇਸ਼ ਵਿੱਚ ਆਖਿਆ ਹੈ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਵੱਡਾ ਪਰਉਪਕਾਰ ਕਰਦਿਆਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਸ਼ਬਦ ਨਾਲ ਜੋੜਿਆ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਵੀ ਸੰਗਤਾਂ ਨੂੰ ਵਧਾਈ ਦਿੱਤੀ।