Banner
Banner

ਏ.ਆਈ. ਟੂਲਸ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਸ਼੍ਰੋਮਣੀ ਕਮੇਟੀ ਨੇ ਸਿੱਖ ਸੰਗਤਾਂ ਵਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਟੂਲਸ ਨਾਲ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਨੋਟਿਸ ਲੈਂਦਿਆਂ ਵੱਖ-ਵੱਖ ਏ.ਆਈ. ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਇਤਰਾਜ਼ ਪ੍ਰਗਟ ਕੀਤਾ ਹੈ ਜਿਨ੍ਹਾਂ ਏ.ਆਈ. ਪਲੇਟਫਾਰਮਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਲਿਖਿਆ ਗਿਆ ਹੈ, ਉਨ੍ਹਾਂ ਵਿਚ ਚੈਟ ਜੀ.ਪੀ.ਟੀ., ਡੀਪਸੀਕ, […]
Amritpal Singh
By : Updated On: 31 Jul 2025 17:17:PM
ਏ.ਆਈ. ਟੂਲਸ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
Harjinder Singh Dhami

ਸ਼੍ਰੋਮਣੀ ਕਮੇਟੀ ਨੇ ਸਿੱਖ ਸੰਗਤਾਂ ਵਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਟੂਲਸ ਨਾਲ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਨੋਟਿਸ ਲੈਂਦਿਆਂ ਵੱਖ-ਵੱਖ ਏ.ਆਈ. ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਇਤਰਾਜ਼ ਪ੍ਰਗਟ ਕੀਤਾ ਹੈ ਜਿਨ੍ਹਾਂ ਏ.ਆਈ. ਪਲੇਟਫਾਰਮਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਲਿਖਿਆ ਗਿਆ ਹੈ, ਉਨ੍ਹਾਂ ਵਿਚ ਚੈਟ ਜੀ.ਪੀ.ਟੀ., ਡੀਪਸੀਕ, ਗਰੋਕ, ਜੇਮਿਨੀ ਏ.ਆਈ., ਮੈਟਾ, ਗੂਗਲ, ਵੀ.ਓ. 3, ਡਿਸਕਰਿਪਟ, ਰਨਵੇਅ ਐਮ.ਐਲ., ਪਿਕਟੋਰੀ, ਮਜਿਸਟੋ, ਇਨਵੀਡਿਓ, ਡੈਲ-ਈ 2, ਮਿਡਜਰਨੀ, ਡੀ.ਪਏ.ਆਈ. ਅਤੇ ਹੋਰ ਸ਼ਾਮਿਲ ਹਨ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀਆਂ ਆਪਣੀਆਂ ਮੌਲਿਕ ਪ੍ਰੰਪਰਾਵਾਂ ਹਨ, ਜਿਨ੍ਹਾਂ ਵਿਚ ਤਬਦੀਲੀ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਤਕਨੀਕ ਦੇ ਯੁੱਗ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਤਸਵੀਰਾਂ ਨਾਲ ਛੇੜਛਾੜ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਕੋਝੀਆਂ ਹਰਕਤਾਂ ਨਾਲ ਸਿੱਖ ਹਿਰਦਿਆਂ ਨੂੰ ਗਹਿਰੀ ਸੱਟ ਵੱਜ ਰਹੀ ਹੈ। ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬਉੱਚ ਹਨ, ਜਿਸ ਅੰਦਰ ਦਰਜ ਗੁਰਬਾਣੀ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਨਹੀਂ ਹੋ ਸਕਦੀ ਪਰ ਅਜਿਹੀਆਂ ਐਪਸ ਗੁਰਬਾਣੀ ਦੀਆਂ ਪਾਵਨ ਪੰਗਤੀਆਂ ਨੂੰ ਗ਼ਲਤ ਤਰੀਕੇ ਨਾਲ ਦਰਸਾ ਰਹੀਆਂ ਹਨ, ਜੋ ਕਿ ਗੁਰਬਾਣੀ ਦੀ ਬੇਅਦਬੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੂੰ ਕਈ ਇਤਰਾਜ਼ ਪ੍ਰਗਟ ਹੋਏ ਹਨ, ਜਿਸ ਦੇ ਮੱਦੇਨਜ਼ਰ ਏ.ਆਈ. ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਗ਼ਲਤ ਜਾਣਕਾਰੀਆਂ ’ਤੇ ਰੋਕ ਲਗਾਉਣ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਵੱਖ-ਵੱਖ ਏ.ਆਈ. ਪਲੇਟਫਾਰਮਾਂ ’ਤੇ ਅਜਿਹੀ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਰਾਹੀਂ ਸਤਿਕਾਰਯੋਗ ਸਿੱਖ ਧਾਰਮਿਕ ਸ਼ਖ਼ਸੀਅਤਾਂ, ਪਾਵਨ ਗ੍ਰੰਥਾਂ ਅਤੇ ਸਿੱਖ ਪ੍ਰਤੀਕਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਨੌਜਵਾਨ ਪੀੜ੍ਹੀ ਤਕਨਾਲੋਜੀ ਦੀ ਵਰਤੋਂ ਜ਼ਰੀਏ ਆਪਣੇ ਇਤਿਹਾਸ, ਪ੍ਰੰਪਰਾਵਾਂ ਅਤੇ ਮਾਨਤਾਵਾਂ ਨੂੰ ਜਾਣਨ ਦਾ ਯਤਨ ਕਰਦੀ ਹੈ ਪਰ ਏ.ਆਈ. ਦੁਆਰਾ ਉਨ੍ਹਾਂ ਨੂੰ ਮਿਲ ਰਹੀ ਅਧੂਰੀ ਤੇ ਗ਼ਲਤ ਜਾਣਕਾਰੀ ਧਰਮ ਦੇ ਸਿਧਾਂਤਾਂ ਨੂੰ ਸੱਟ ਮਾਰਨ ਵਾਲੀ ਸਾਬਤ ਹੋ ਰਹੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਕਈ ਗੁਰਬਾਣੀ ਐਪਸ ’ਤੇ ਵੀ ਗੁਰਬਾਣੀ ਸ਼ੁੱਧ ਰੂਪ ਵਿਚ ਨਹੀਂ ਹੈ, ਜਿਸ ਬਾਰੇ ਵੀ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਸ਼੍ਰੋਮਣੀ ਕਮੇਟੀ ਵਲੋਂ ਇਸ ਖੇਤਰ ਵਿਚ ਕੰਮ ਕਰ ਰਹੇ ਲੋਕਾਂ ਅਤੇ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀਆਂ ਐਪਸ ਤੋਂ ਅਧੂਰੀ ਜਾਣਕਾਰੀ ਨਾ ਲੈਣ, ਸਗੋਂ ਸਿੱਖ ਇਤਿਹਾਸ ਅਤੇ ਪ੍ਰੰਪਰਾਵਾਂ ਸਬੰਧੀ ਇਤਿਹਾਸਕ ਸਰੋਤਾਂ ਦੀ ਹੀ ਵਰਤੋਂ ਕਰਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਇਸ ਸੰਜੀਦਾ ਮਸਲੇ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਸਰਕਾਰੀ ਤੌਰ ’ਤੇ ਵੀ ਨੋਟਿਸ ਲਿਆ ਜਾਵੇ ਅਤੇ ਕੋਈ ਠੋਸ ਨੀਤੀ ਬਣਾ ਕੇ ਅਜਿਹੇ ਚਲਣ ਨੂੰ ਰੋਕਣ ਲਈ ਪ੍ਰਬੰਧ ਕੀਤੇ ਜਾਣ।

Read Latest News and Breaking News at Daily Post TV, Browse for more News

Ad
Ad