Gurdwara Sahib of village Burj Jawahar Singh Wala: ਅੱਜ ਸਿੱਖ ਸੰਗਤ ਵਲੋਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ ਤੱਕ ਰੋਸ ਮਾਰਚ ਕੀਤਾ ਗਿਆ।
Behbal Kalan Firing Case: ਸਾਲ 2015 ਵਿਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚੋਂ ਅੱਜ ਦੇ ਦਿਨ 1 ਜੂਨ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਹੋਣ, ਅਤੇ ਬਾਅਦ ਵਿਚ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਬਰਗਾੜੀ ਪਿੰਡ ਦੀਆਂ ਗਲੀਆਂ ਵਿਚ ਖਿਲਾਰ ਕੇ ਬੇਅਦਬੀ ਕੀਤੀ ਗਈ ਸੀ। ਜਿਸ ਦੇ ਰੋਸ ਵਜੋਂ ਸਿੱਖ ਸੰਗਤ ਵਲੋਂ ਬਹਿਬਲਕਲਾਂ ਵਿਖੇ ਨੈਸ਼ਨਲ ਹਾਈਵੇ ਅਤੇ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨ ਕਰ ਰਹੀ ਸੰਗਤ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਗਿਆ ਸੀ।
ਇਸੇ ਦੌਰਾਨ ਬਹਿਬਲਕਲਾਂ ਵਿਖੇ ਗੋਲੀ ਚਲਣ ਦੀ ਮੰਦਭਾਗੀ ਘਟਨਾ ਵਾਪਰੀ ਸੀ ਜਿਸ ‘ਚ 2 ਸਿੱਖ ਨੌਜਵਾਨਾਂ ਦੀ ਮੌਤ ਹੋਈ ਸੀ। ਇਸ ਗੋਲੀਕਾਂਡ ਦੇ ਕਰੀਬ 10 ਸਾਲ ਬੀਤ ਜਾਣ ਬਾਅਦ ਵੀ ਇਨਸਾਫ ਨਹੀਂ ਮਿਲਿਆ। ਜਿਸ ਮਗਰੋਂ ਸੰਗਤ ‘ਚ ਭਾਰੀ ਰੋਸ ਹੈ ਅਤੇ ਅੱਜ ਸਿੱਖ ਸੰਗਤ ਵਲੋਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ ਤੱਕ ਰੋਸ ਮਾਰਚ ਕੀਤਾ ਗਿਆ। ਇਸ ਦੇ ਨਾਲ ਹੀ ਇਨ੍ਹਾਂ ਮਾਮਲਿਆਂ ਵਿਚ ਇਨਸਾਫ ਨਾ ਮਿਲਣ ‘ਤੇ ਹੁਣ ਤੱਕ ਦੀਆਂ ਸਰਕਾਰਾਂ ਸਮੇਤ ਮੌਜੂਦਾ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਗਈ।
ਪਿਛਲੇ 10 ਸਾਲਾਂ ਤੋਂ ਇਨਸਾਫ ਦੀ ਉਡੀਕ
ਇਸ ਮੌਕੇ ਸਿੱਖ ਸੰਗਤ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਰਾਜ ਸਿੰਘ ਨਿਆਮੀ ਵਾਲਾ ਨੇ ਕਿਹਾ ਕਿ ਬੇਹੱਦ ਦੁੱਖ ਦੀ ਗੱਲ ਹੈ ਕਿ ਸਿੱਖ ਸੰਗਤਾਂ ਨੂੰ ਇਨਸਾਫ ਦਵਾਉਣ ਦੇ ਨਾਮ ‘ਤੇ ਸਰਕਾਰਾਂ ਤਾਂ 3 ਬਦਲ ਗਈਆਂ ਪਰ ਕਿਸੇ ਨੇ ਵੀ ਅੱਜ ਤੱਕ ਇਨਸਾਫ ਨਹੀਂ ਦਵਾਇਆ। ਉਨ੍ਹਾਂ ਕਿਹਾ ਕਿ 6 ਜੂਨ ਦੇ ਘਲੂਘਾਰੇ ਦੀ ਤਰ੍ਹਾਂ ਹੀ 1 ਜੂਨ ਵੀ ਨਾ ਭੁਲਣਯੋਗ ਤੇ ਨਾ ਹੀ ਬਖ਼ਸ਼ਣਯੋਗ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਿੱਖ ਕੌਮ ਨੂੰ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦਾ ਇਨਸਾਫ 24 ਘੰਟਿਆਂ ਵਿੱਚ ਦੇਣ ਦਾ ਵਾਅਦਾ ਕੀਤਾ ਸੀ ਪਰ ਸਾਢੇ ਤਿੰਨ ਸਾਲ ਬੀਤ ਜਾਣ ਬਾਅਦ ਵੀ ਸਰਕਾਰ ਵਲੋਂ ਕੁਝ ਨਹੀਂ ਕੀਤਾ ਜਾ ਰਿਹਾ।

1 ਜੁਲਾਈ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕਰਾਂਗੇ ਘਿਰਾਓ- ਸੁਖਜੀਤ ਸਿੰਘ ਖੋਸਾ
ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖ ਆਗੂ ਅਤੇ ਪ੍ਰਚਾਰਕ ਸੁਖਜੀਤ ਸਿੰਘ ਖੋਸਾ ਨੇ ਕਿਹਾ ਕਿ ਵੱਡੇ-ਵੱਡੇ ਦਾਅਵੇ ਕਰ ਕੇ ਗੁਟਕਾ ਸਾਹਿਬ ਹੱਥ ਵਿਚ ਫੜ੍ਹ ਕੇ ਅਤੇ 24 ਘੰਟਿਆਂ ਵਿਚ ਇਨਸਾਫ ਦੇਣ ਦਾ ਵਾਅਦਾ ਕਰ ਕੇ ਬਣੀਆਂ ਸਰਕਾਰਾਂ ਵੱਲੋਂ ਸਿੱਖਾਂ ਨੂੰ ਅੱਜ ਤੱਕ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਰਿਵਾਇਤੀ ਪਾਰਟੀਆਂ ਨੂੰ ਛੱਡ ਨਵੀਂ ਪਾਰਟੀ ਨੂੰ ਪੰਜਾਬ ਦੀ ਸੱਤਾ ਵਿਚ ਲਿਆਂਦਾ ਕਿ ਇਹ ਸਾਨੂੰ ਇਨਸਾਫ ਦੇਣਗੇ ਪਰ ਜੱਟ ਅਤੇ ਲਾਲੇ ਦੀ ਇਸ ਜੋੜੀ ਨੇ ਪੰਜਾਬ ਦੇ ਸਿੱਖਾਂ ਦਾ ਨੁਕਸਾਨ ਕੀਤਾ।
ਉਨ੍ਹਾਂ ਇਸ ਦੌਰਾਨ ਪੰਜਾਬ ਸਰਕਾਰ ਨੂੰ ਇਕ ਮਹੀਨੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ 30 ਜੂਨ ਤੱਕ ਬੇਅਦਬੀ ਮਾਮਲਿਆਂ ਨਾਲ ਜੁੜੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਦਾ ਚਲਾਨ ਮਾਨਯੋਗ ਅਦਾਲਤ ਵਿੱਚ ਪੇਸ਼ ਨਾ ਕੀਤਾ ਤਾਂ ਸਿੱਖ ਸੰਗਤ ਵਲੋਂ 1 ਜੁਲਾਈ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਕਿਸੇ ਨੂੰ ਘਰੋਂ ਬਾਹਰ ਨਹੀਂ ਆਉਣ ਦਿੱਤਾ ਜਾਵੇਗਾ।