ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ
ਚੰਡੀਗੜ੍ਹ: ਪੰਜਾਬ ਵਿੱਚ ਜਿਨ੍ਹਾਂ ਲੋਕਾਂ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ, ਉਨ੍ਹਾਂ ਲਈ 22 ਨਵੰਬਰ ਨੂੰ ਵਿਸ਼ੇਸ਼ ਮੌਕਾ ਮਿਲੇਗਾ। ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਨਵੇਂ ਵੋਟਰ ਆਪਣਾ ਨਾਂ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਣਗੇ। ਇਸ ਦੇ ਨਾਲ ਹੀ ਮੌਜੂਦਾ ਵੋਟਰ ਵੀ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਂ ਅਤੇ ਹੋਰ ਵੇਰਵੇ ਚੈੱਕ ਕਰ ਸਕਣਗੇ। ਜੇਕਰ ਕਿਸੇ ਜਾਣਕਾਰੀ ਵਿੱਚ ਗਲਤੀ ਹੈ ਤਾਂ ਉਸ ਨੂੰ ਠੀਕ ਕਰਵਾਉਣ ਲਈ ਵੀ ਅਰਜ਼ੀ ਦਿੱਤੀ ਜਾ ਸਕੇਗੀ।
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਇਹ ਕੈਂਪ ਵਿਸ਼ੇਸ਼ ਸੰਖੇਪ ਸੁਧਾਈ (SSR) 2027 ਤਹਿਤ ਲਗਾਏ ਜਾ ਰਹੇ ਹਨ। ਇਸ ਮੁਹਿੰਮ ਦਾ ਮਕਸਦ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਪਹਿਲਾਂ ਤੋਂ ਰਜਿਸਟਰਡ ਵੋਟਰਾਂ ਨੂੰ ਆਪਣੇ ਵੇਰਵਿਆਂ ਦੀ ਜਾਂਚ ਤੇ ਸੁਧਾਰ ਦਾ ਮੌਕਾ ਦੇਣਾ ਹੈ।
1 ਜਨਵਰੀ 2027 ਤੱਕ 18 ਸਾਲ ਦੇ ਹੋਣ ਵਾਲੇ ਵੀ ਕਰ ਸਕਣਗੇ ਅਪਲਾਈ
ਚੋਣ ਕਮਿਸ਼ਨ ਨੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ 1 ਜਨਵਰੀ 2027 ਨੂੰ ਯੋਗਤਾ ਦੀ ਤਰੀਕ ਤੈਅ ਕੀਤਾ ਹੈ। ਇਸ ਤਰੀਕ ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਫਾਰਮ ਨੰਬਰ 6 ਭਰ ਕੇ ਵੋਟ ਬਣਵਾਉਣ ਲਈ ਅਰਜ਼ੀ ਦੇ ਸਕਦੇ ਹਨ। ਜਿਨ੍ਹਾਂ ਨੇ ਅਜੇ ਤੱਕ ਵੋਟਰ ਵਜੋਂ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਵੀ 22 ਨਵੰਬਰ ਨੂੰ ਆਪਣੇ ਪੋਲਿੰਗ ਬੂਥ ’ਤੇ ਜਾ ਕੇ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ।
11 ਦਸੰਬਰ ਤੱਕ ਦਰਜ ਹੋਣਗੇ ਦਾਅਵੇ ਤੇ ਇਤਰਾਜ਼
SSR 2027 ਤਹਿਤ ਡਰਾਫਟ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਆਖ਼ਰੀ ਤਰੀਕ 11 ਦਸੰਬਰ 2026 ਹੈ। ਪ੍ਰਾਪਤ ਅਰਜ਼ੀਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 4 ਜਨਵਰੀ 2027 ਨੂੰ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਵਿਸ਼ੇਸ਼ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਖ਼ਾਸ ਤੌਰ ’ਤੇ 1 ਜਨਵਰੀ 2027 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨਾਂ ਨੂੰ ਆਪਣੀ ਵੋਟ ਬਣਵਾਉਣ ਲਈ ਅਰਜ਼ੀ ਦੇਣ ਵਾਸਤੇ ਕਿਹਾ ਹੈ।