ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਤੋਂ
Special session of the Punjab Legislative Assembly: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 22 ਅਕਤੂਬਰ ਤੋਂ ਸ਼ੁਰੂ ਹੋ ਕੇ 27 ਅਕਤੂਬਰ ਤੱਕ ਚੱਲੇਗਾ। ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਗੈਰ-ਸਰਕਾਰੀ ਕੰਮਕਾਜ ਨਿਪਟਾਇਆ ਜਾਵੇਗਾ। ਇਜਲਾਸ ਦੌਰਾਨ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਅਤੇ ਬੇਅਦਬੀ ਕਾਨੂੰਨ ਨਾਲ ਸਬੰਧਤ ਸੋਧਾਂ ਦੇ ਮੁੱਦਿਆਂ ’ਤੇ ਹੰਗਾਮਾ ਹੋਣ ਦੇ ਆਸਾਰ ਹਨ।
ਇਜਲਾਸ ਵਿੱਚ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ’ਤੇ ਘੇਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਅਮਰੀਕਾ ਨਾਲ ਪ੍ਰਸਤਾਵਿਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਵੀ ਮਤਾ ਲਿਆਉਣ ਦੀ ਸੰਭਾਵਨਾ ਹੈ। ਇਸ ਵਪਾਰ ਸਮਝੌਤੇ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸਰਕਾਰ ਨੇ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਇਸ ਲਈ ਵਿਧਾਨ ਸਭਾ ਵਿੱਚ ਇਸ ਮੁੱਦੇ ’ਤੇ ਚਰਚਾ ਹੋਣ ਦੀ ਵੀ ਸੰਭਾਵਨਾ ਹੈ।
ਪੰਜਾਬ ਵਿਧਾਨ ਸਭਾ ਦੀ ਬੈਠਕ 22 ਅਕਤੂਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਵਿਧਾਨ ਸਭਾ ਭਵਨ ਵਿੱਚ ਸੱਦੀ ਗਈ ਹੈ।