ਬਠਿੰਡਾ, 27 ਅਗਸਤ 2025 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਉਦਯੋਗ ਨੂੰ ਹੋਰ ਪ੍ਰਫੁਲਿਤ ਕਰਨ ਲਈ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਦਯੋਗ, ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਰਾਈਜਿੰਗ ਪੰਜਾਬ ਸੁਝਾਅ ਤੋਂ ਹੱਲ ਤੱਕ ਸਮਾਗਮ ਦੌਰਾਨ ਬਠਿੰਡਾ ਸਮੇਤ ਆਸ-ਪਾਸ ਦੇ 7 ਜ਼ਿਲ੍ਹਿਆਂ ਦੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ, ਮੇਅਰ ਨਗਰ ਨਿਗਮ ਸ਼੍ਰੀ ਪਦਮਜੀਤ ਸਿੰਘ ਮਹਿਤਾ, ਉਦਯੋਗ ਤੇ ਕਮਰਸ ਵਿਭਾਗ ਪੰਜਾਬ ਦੇ ਪ੍ਰਬੰਧਕੀ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ, ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਐਸਐਸਪੀ ਮੈਡਮ ਅਮਨੀਤ ਕੌਡਲ ਤੇ ਚੇਅਰਮੈਨ ਪੀ.ਐਸ.ਆਈ.ਈ.ਸੀ. ਸ. ਦਲਬੀਰ ਸਿੰਘ ਢਿੱਲੋਂ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਕਿਹਾ ਕਿ ਵਪਾਰ ਨੂੰ ਉਤਸ਼ਾਹਿਤ ਕਰਨ ਅਤੇ ਨਵੀਨਤਾਵਾਂ ਨੂੰ ਪ੍ਰਦਰਸ਼ਿਤ ਕਰਨ ਲਈ ਜਲਦੀ ਹੀ ਮੋਹਾਲੀ, ਲੁਧਿਆਣਾ ਤੇ ਅੰਮ੍ਰਿਤਸਰ ਵਿੱਚ ਪ੍ਰਦਰਸ਼ਨੀ-ਕਮ-ਕਨਵੈਨਸ਼ਨ ਸੈਂਟਰ ਸਥਾਪਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਨੇ ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਦੇ ਅਪਗ੍ਰੇਡ ਲਈ 100 ਕਰੋੜ ਰੁਪਏ ਅਲਾਟ ਕੀਤੇ ਹਨ, ਜਿਨ੍ਹਾਂ ‘ਚੋਂ 70 ਕਰੋੜ ਰੁਪਏ ਦੇ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਜਦੋਂ ਕਿ ਬਾਕੀ 30 ਕਰੋੜ ਰੁਪਏ ਪ੍ਰਕਿਰਿਆ ਅਧੀਨ ਹਨ।
ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਵਿੱਚ 222 ਕਰੋੜ ਰੁਪਏ ਦੇ ਪ੍ਰੋਤਸਾਹਨ ਵੰਡੇ ਗਏ ਹਨ, ਜਦੋਂ ਕਿ ਪਿਛਲੇ ਸਾਲ ਦਿੱਤੇ ਗਏ 90 ਕਰੋੜ ਰੁਪਏ ਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਨਵਾਂ ਸਿੰਗਲ-ਵਿੰਡੋ ਪੋਰਟਲ ਹੁਣ 45 ਦਿਨਾਂ ਦੇ ਅੰਦਰ ਉਦਯੋਗ ਪ੍ਰਵਾਨਗੀਆਂ ਨੂੰ ਯਕੀਨੀ ਬਣਾਉਂਦਾ ਹੈ, ਕੁਝ ਪ੍ਰਵਾਨਗੀਆਂ ਤਾਂ ਤੀਜੇ ਜਾਂ ਚੌਥੇ ਦਿਨ ਵੀ ਜਾਰੀ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕਿਹਾ ਪੰਜਾਬ ਉੱਦਮੀਆਂ ਅਤੇ ਨਿਵੇਸ਼ਕਾਂ ਦਾ ਸਮਰਥਨ ਕਰਕੇ, ਨੌਕਰੀਆਂ ਪੈਦਾ ਕਰਕੇ, ਨਵੇਂ ਉਦਯੋਗਾਂ ਨੂੰ ਆਕਰਸ਼ਿਤ ਕਰਕੇ ਤੇ ਰਾਜ ਦੀ ਆਰਥਿਕਤਾ ਨੂੰ ਮਜ਼ਬੂਤ ਕਰਕੇ ਇੱਕ ਕਾਰੋਬਾਰ-ਅਨੁਕੂਲ ਵਾਤਾਵਰਣ ਪ੍ਰਣਾਲੀ ਬਣਾਉਣ ਲਈ ਵਚਨਬੱਧ ਹੈ। ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਵੱਖ-ਵੱਖ 7 ਜ਼ਿਲ੍ਹਿਆਂ ਤੋਂ ਆਏ ਜਿਥੇ ਵਪਾਰੀਆਂ ਦੇ ਸਵਾਲਾਂ ਦੇ ਢੁੱਕਵੇਂ ਜਵਾਬ ਦਿੱਤੇ ਉਥੇ ਹੀ ਉਨ੍ਹਾਂ ਦੇ ਸੁਝਾਵਾਂ ਨੂੰ ਵੀ ਹੱਲ ਕਰਨ ਦਾ ਭਰੋਸਾ ਦਿਵਾਇਆ।
ਇਸ ਤੋਂ ਪਹਿਲਾ ਮੀਡੀਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਜਲਦੀ ਹੀ ਦੇਸ਼ ਵਿੱਚ ਉਦਯੋਗ ਸਥਾਪਤ ਕਰਨ ਲਈ ਸਭ ਤੋਂ ਅਨੁਕੂਲ ਸਥਾਨ ਬਣੇਗਾ। ਸ਼੍ਰੀ ਅਰੋੜਾ ਨੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਸਰਕਾਰ ਵਪਾਰੀ ਵਰਗ ਦੇ ਨਾਲ ਮੋਢਾ ਨਾਲ ਮੋਢਾ ਲਗਾ ਕੇ ਖੜੀ ਹੈ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਇੱਕ ਨਵੀਂ ਪ੍ਰਾਈਵੇਟ ਇੰਡਸਟਰੀਅਲ ਪਾਰਕ ਨੀਤੀ ਨੂੰ ਅੰਤਿਮ ਰੂਪ ਦੇ ਰਹੀ ਹੈ, ਜੋ ਕਿ ਭਾਰਤ ਵਿੱਚ ਉਦਯੋਗਿਕ ਵਿਕਾਸ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਸਭ ਤੋਂ ਵੱਧ ਪ੍ਰਤੀਯੋਗੀ ਢਾਂਚੇ ਵਿੱਚੋਂ ਇੱਕ ਹੋਵੇਗੀ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਬਠਿੰਡਾ ਸ਼ਹਿਰ ਦੀ ਨੁਹਾਰ ਬਦਲਣ ਲਈ 7 ਕਰੋੜ ਰੁਪਏ ਦੇ ਟੈਂਡਰ ਪਾਸ ਕੀਤੇ ਗਏ ਹਨ, ਜੋ ਕਿ ਜਲਦ ਹੀ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।
ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇੰਡਸਟਰੀਅਲ ਪਾਰਕ ਨੀਤੀ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਦਾਨ ਕਰੇਗੀ, ਜਿਸ ਨਾਲ ਉਦਯੋਗਾਂ ਖਾਸ ਕਰਕੇ ਲਾਲ ਸ਼੍ਰੇਣੀ ਦੀਆਂ ਇਕਾਈਆਂ ਲਈ ਆਬਾਦੀ ਵਾਲੇ ਖੇਤਰਾਂ ਤੋਂ ਦੂਰ ਸੁਰੱਖਿਅਤ ਖੇਤਰਾਂ ਵਿੱਚ ਸ਼ਿਫਟ ਹੋਣ ਦਾ ਵਿਕਲਪ ਦੇ ਕੇ ਇੱਕ ਸਹਾਇਕ ਵਾਤਾਵਰਣ ਦੇਵੇਗੀ। ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ੇ ਦਾ ਲੱਕ ਤੋੜ ਦਿੱਤਾ ਹੈ, ਇਸ ਨਾਲ ਜਿਥੇ ਨਸ਼ਾ ਕੰਟਰੋਲ ਹੋਇਆ ਹੈ ਉਥੇ ਹੀ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਬਰਕਾਰ ਹੋਈ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਯੋਜਨਾਵਾਂ ਲਾਗੂ ਕਰਨ ਵਿਚ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਅਤੇ ਤਾਲਮੇਲ ਨੂੰ ਸੁਚਾਰੂ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਤੋਂ ਪਹਿਲਾ ਉਦਯੋਗ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਜਿਥੇ ਸਥਾਨਕ ਇੰਡਸਟਰੀਅਲ ਗ੍ਰੋਥ ਸੈਂਟਰ ਦਾ ਦੌਰਾ ਕਰਕੇ ਜਾਇਜਾ ਲਿਆ ਉਥੇ ਹੀ ਉਨ੍ਹਾਂ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆਂ। ਉਨ੍ਹਾਂ ਹਰ ਮੁਸ਼ਕਿਲ ਦਾ ਹੱਲ ਕਰਨ ਲਈ ਯਕੀਨ ਵੀ ਦਿਵਾਇਆ।
ਇਸ ਤੋਂ ਪਹਿਲਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਨੂੰ ਸਥਾਨਕ ਲੇਕ ਵਿਊ ਵਿਖੇ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਪ੍ਰਧਾਨ, ਪੰਜਾਬ ਕ੍ਰਿਕਟ ਐਸੋਸ਼ੀਏਸ਼ਨ (ਪੀਸੀਏ) ਸ਼੍ਰੀ ਅਮਰਜੀਤ ਮਹਿਤਾ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ਼੍ਰੀ ਅਨਿੱਲ ਠਾਕੁਰ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ ਸ਼ੂਗਰਫੈਡ ਪੰਜਾਬ ਸ੍ਰੀ ਨਵਦੀਪ ਜੀਦਾ, ਚੇਅਰਮੈਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਸ. ਇੰਦਰਜੀਤ ਸਿੰਘ ਮਾਨ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਇੰਮਪਰੂਵਮੈਂਟ ਟਰਸਟ ਬਠਿੰਡਾ ਸ਼੍ਰੀ ਜਤਿੰਦਰ ਭੱਲਾ, ਬਠਿੰਡਾ ਦਿਹਾਤੀ ਦੇ ਇੰਚਾਰਜ ਸ੍ਰੀ ਜਸਵਿੰਦਰ ਸਿੰਘ ਸਿੰਦਾ ਨੰਦਗੜ੍ਹ, ਡਾਇਰੈਕਟਰ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਸ. ਅਮਰਦੀਪ ਰਾਜਨ, ਚੈਂਬਰ ਆਫ ਕਮਰਸ ਦੇ ਪ੍ਰਧਾਨ ਸ਼੍ਰੀ ਰਾਮ ਪ੍ਰਕਾਸ਼ ਜਿੰਦਲ ਤੋਂ ਇਲਾਵਾ ਉਦਯੋਗ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।