‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਸੂਬਾ ਪੱਧਰੀ ਮੁਕਾਬਲੇ ਅੰਮ੍ਰਿਤਸਰ ’ਚ ਸ਼ੁਰੂ
18 ਜ਼ਿਲ੍ਹਿਆਂ ਦੇ ਕਰੀਬ 3,000 ਖਿਡਾਰੀ ਤੀਰਅੰਦਾਜ਼ੀ ਤੇ ਰਗਬੀ ’ਚ ਦਿਖਾ ਰਹੇ ਨੇ ਆਪਣਾ ਹੁਨਰ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ
Khedan Watan Punjab Diyan; ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦੇ ਸੂਬਾ ਪੱਧਰੀ ਮੁਕਾਬਲੇ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਸ਼ੁਰੂ ਕਰਵਾਏ ਗਏ। ਇਨ੍ਹਾਂ ਖੇਡਾਂ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ 18 ਜ਼ਿਲ੍ਹਿਆਂ ਤੋਂ ਕਰੀਬ 3,000 ਖਿਡਾਰੀ ਤੀਰਅੰਦਾਜ਼ੀ ਅਤੇ ਰਗਬੀ ਵਿੱਚ ਆਪਣਾ ਹੁਨਰ ਦਿਖਾ ਰਹੇ ਹਨ। ਇਹ ਮੁਕਾਬਲੇ 23 ਨਵੰਬਰ ਤੱਕ ਚੱਲਣਗੇ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਅੰਮ੍ਰਿਤਸਰ ਨੂੰ ਤੀਰਅੰਦਾਜ਼ੀ ਅਤੇ ਰਗਬੀ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਮਿਲੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਤਹਿਤ ਸ਼ੁਰੂ ਕੀਤੀਆਂ ਇਨ੍ਹਾਂ ਖੇਡਾਂ ਵਿੱਚ ਬੱਚਿਆਂ ਤੋਂ ਲੈ ਕੇ 70 ਸਾਲ ਤੱਕ ਦੇ ਬਜ਼ੁਰਗਾਂ ਨੇ ਵੀ ਹਿੱਸਾ ਲਿਆ ਹੈ।
ਖਿਡਾਰੀਆਂ ਦੀ ਹਰ ਪੱਖੋਂ ਮਦਦ ਕਰ ਰਹੀ ਸਰਕਾਰ
ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ। ਪ੍ਰਤਿਭਾਸ਼ਾਲੀ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਆਰਥਿਕ ਮਦਦ ਭੇਜੀ ਗਈ ਹੈ, ਤਾਂ ਜੋ ਉਹ ਖੇਡਾਂ ਨਾਲ ਸਬੰਧਤ ਸਾਮਾਨ ਖਰੀਦ ਸਕਣ ਅਤੇ ਆਪਣੀ ਤਿਆਰੀ ਜਾਰੀ ਰੱਖ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਉਦੇਸ਼ ਹੈ ਕਿ ਆਰਥਿਕ ਤੰਗੀ ਕਾਰਨ ਕਿਸੇ ਵੀ ਪ੍ਰਤਿਭਾਸ਼ਾਲੀ ਖਿਡਾਰੀ ਦਾ ਭਵਿੱਖ ਪ੍ਰਭਾਵਿਤ ਨਾ ਹੋਵੇ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ’ਤੇ ਜ਼ੋਰ
ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਉਪਰਾਲੇ
ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ। ਇਸ ਤਹਿਤ ਨਵੇਂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਮ ਲਈ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਆਧੁਨਿਕ ਸਟੇਡੀਅਮ ਵਿਕਸਤ ਕੀਤੇ ਜਾ ਰਹੇ ਹਨ।
ਅੰਤ ਵਿੱਚ ਕੈਬਨਿਟ ਮੰਤਰੀ ਨੇ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਦੇ ਖਿਡਾਰੀ ਭਵਿੱਖ ਵਿੱਚ ਰਾਸ਼ਟਰੀ ਅਤੇ ਕੌਮਾਂਤਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।
