ਪੁਲਿਸ ਮੁਲਾਜ਼ਮ ਨੂੰ ਨਸ਼ਾ ਰੋਕਣਾ ਪਿਆ ਮਹਿੰਗਾ! ਘਰ ‘ਚ ਵੜ ਨਸ਼ੇੜੀਆਂ ਨੇ ਕੀਤਾ ਜਾਨਲੇਵਾ ਹਮਲਾ, ਮੁਲਾਜ਼ਮ ਗੰਭੀਰ ਜ਼ਖਮੀ
Amritsar Punjab Police Constable Drug Addicts Attack; ਅੰਮ੍ਰਿਤਸਰ ਵਿੱਚ ਨਸ਼ਾ ਕਰ ਰਹੇ ਨੌਜਵਾਨਾਂ ਨੂੰ ਰੋਕਣਾ ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਨੂੰ ਮਹਿੰਗਾ ਪੈ ਗਿਆ। ਐਤਵਾਰ ਨੂੰ 15 ਤੋਂ 20 ਨੌਜਵਾਨਾਂ ਨੇ ਇਕੱਠੇ ਹੋ ਕੇ ਉਸ ਦੇ ਘਰ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਘਰ ‘ਤੇ ਪਥਰਾਅ ਕੀਤਾ, ਜ਼ਬਰਦਸਤੀ ਅੰਦਰ ਦਾਖ਼ਲ ਹੋਏ ਅਤੇ ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਕੀਤੀ। ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਮੁਲਾਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਮਾਮਲਾ ਫਤੇਹਪੁਰ ਪਿੰਡ ਦੀ ਬਾਬਾ ਜੀਵਨ ਸਿੰਘ ਕਲੋਨੀ ਦਾ ਹੈ। ਪੀੜਤ ਦੀ ਪਤਨੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਹਮਲਾਵਰਾਂ ਨੂੰ ਪਤਾ ਸੀ ਕਿ ਉਨ੍ਹਾਂ ਦੇ ਪਤੀ ਪੰਜਾਬ ਪੁਲਿਸ ਵਿੱਚ ਤਾਇਨਾਤ ਹਨ, ਫਿਰ ਵੀ ਉਨ੍ਹਾਂ ਨੇ ਪੂਰੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ।
ਉੱਥੇ ਹੀ ਜ਼ਖ਼ਮੀ ਦੇ ਭਰਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਪਹਿਲਾਂ ਭਾਰਤੀ ਫੌਜ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ ਅਤੇ ਇਸ ਵੇਲੇ ਪੰਜਾਬ ਪੁਲਿਸ ਵਿੱਚ ਡਿਊਟੀ ਕਰ ਰਹੇ ਹਨ।
ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਸਿਵਲ ਹਸਪਤਾਲ ਪਹੁੰਚੇ
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਈ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਸਿਵਲ ਹਸਪਤਾਲ ਪਹੁੰਚੇ ਅਤੇ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਇੱਕ ਪੁਲਿਸ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਹੈ ਤਾਂ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।
ਦੋਵਾਂ ਧਿਰਾਂ ਵੱਲੋਂ ਪੁਲਿਸ ਨੂੰ ਸ਼ਿਕਾਇਤਾਂ
ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਦੋਵਾਂ ਧਿਰਾਂ ਵੱਲੋਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਅਧਿਕਾਰੀਆਂ ਮੁਤਾਬਕ ਸਾਰੇ ਪੱਖਾਂ ਦੇ ਬਿਆਨ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਨਿਰਪੱਖ ਜਾਂਚ ਤੋਂ ਬਾਅਦ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।