ਅਬੋਹਰ, 28 ਜਨਵਰੀ : ਅੰਮ੍ਰਿਤਸਰ ਸਾਹਿਬ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਨੇ ਪੂਰੇ ਦੇਸ਼ ਵਿਚ ਡੂੰਘੇ ਰੋਸ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਅਬੋਹਰ ਵਿੱਚ ਅੱਜ ਨਗਰ ਨਿਗਮ ਸਫਾਈ ਸੇਵਕ ਯੂਨੀਅਨ ਅਤੇ ਵਾਲਮੀਕਿ ਸਮਾਜ ਦੇ ਲੋਕ ਅੰਬੇਡਕਰ ਚੌਕ ਵਿੱਚ ਇਕੱਠੇ ਹੋਏ ਅਤੇ ਰੋਸ ਪ੍ਰਦਰਸ਼ਨ ਕੀਤਾ।
ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਿੱਟੂ ਭਗਾਨੀਆ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸਮਾਜ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਬਾਬਾ ਸਾਹਿਬ ਨੇ ਸਾਡੇ ਦੇਸ਼ ਦਾ ਸੰਵਿਧਾਨ ਇਸ ਤਰ੍ਹਾਂ ਤਿਆਰ ਕੀਤਾ ਸੀ ਕਿ ਹਰ ਵਰਗ ਨੂੰ ਬਰਾਬਰ ਦੇ ਅਧਿਕਾਰ ਮਿਲ ਸਕਣ ਅਤੇ ਭਾਰਤ ਲੋਕਤੰਤਰ ਬਣ ਸਕੇ। ਉਨ੍ਹਾਂ ਦੇ ਬੁੱਤ ਦਾ ਅਪਮਾਨ ਕਰਨ ਵਾਲੇ ਸਮਾਜ ਵਿਰੋਧੀ ਅਨਸਰ ਦੇਸ਼ ਦੀ ਸਮਾਜਿਕ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਾਬਾ ਸਾਹਿਬ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਸ ਦੌਰਾਨ ਅਬੋਹਰ ਦੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਵੀ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਅੰਬੇਡਕਰ ਦਾ ਸਤਿਕਾਰ ਕਰਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਹਰ ਸਰਕਾਰੀ ਦਫ਼ਤਰ ਵਿੱਚ ਬਾਬਾ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।
ਅਰੁਣ ਨਾਰੰਗ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੇ ਨਾਲ ਖੜੀ ਹੈ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ।