ਕੈਨੇਡਾ ’ਚ ਵਿਦਿਆਰਥੀ ਅੰਦੋਲਨ: 1,000 ਤੋਂ ਵੱਧ ਭਾਰਤੀ ਵਿਦਿਆਰਥੀ ਸੜਕਾਂ ’ਤੇ
Student protests in Canada: ਨਵੀਂ ਦਿੱਲੀ: ਕੈਨੇਡਾ ਦੇ ਕੈਲਗਰੀ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੀਆਂ ਅਰਜ਼ੀਆਂ ਵੱਡੀ ਗਿਣਤੀ ਵਿੱਚ ਰੱਦ ਹੋਣ ਦੇ ਵਿਰੋਧ ਵਿੱਚ 1,000 ਤੋਂ ਵੱਧ ਅੰਤਰਰਾਸ਼ਟਰੀ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ਪੰਜਾਬੀ ਵਿਦਿਆਰਥੀਆਂ ਦੀ ਦੱਸੀ ਜਾ ਰਹੀ ਹੈ। ਵਿਦਿਆਰਥੀ ਪਿਛਲੇ ਕਰੀਬ 10 ਦਿਨਾਂ ਤੋਂ ਸੜਕਾਂ ’ਤੇ ਧਰਨਾ ਦੇ ਰਹੇ ਹਨ ਅਤੇ ਵਾਰੀ-ਵਾਰੀ ਭੁੱਖ ਹੜਤਾਲ ਵੀ ਕਰ ਰਹੇ ਹਨ। ਭਾਰਤ ਵਿੱਚ ‘ਕਾਕਰੋਚ ਜਨਤਾ ਪਾਰਟੀ’ (CJP) ਦੀ ਅਗਵਾਈ ਹੇਠ ਹੋਏ ਵਿਦਿਆਰਥੀ ਅੰਦੋਲਨ ਦੀ ਤਰ੍ਹਾਂ ਕੈਨੇਡਾ ਵਿੱਚ ਵੀ ਵਿਦਿਆਰਥੀਆਂ ਦਾ ਵੱਡਾ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਕੈਨੇਡਾ ਵਾਲੇ ਅੰਦੋਲਨ ਦਾ ਮੁੱਖ ਮੁੱਦਾ PGWP ਅਰਜ਼ੀਆਂ ਦਾ ਰੱਦ ਹੋਣਾ ਹੈ।
ਪ੍ਰਦਰਸ਼ਨ ਵਾਲੀ ਥਾਂ ’ਤੇ CBSA ਦੀ ਕਾਰਵਾਈ
ਪ੍ਰਦਰਸ਼ਨ ਦੌਰਾਨ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ। ਮੌਜੂਦ ਲੋਕਾਂ ਮੁਤਾਬਕ ਅਧਿਕਾਰੀਆਂ ਨੇ ਕੁਝ ਪ੍ਰਦਰਸ਼ਨਕਾਰੀਆਂ ਦੇ ਇਮੀਗ੍ਰੇਸ਼ਨ ਦਸਤਾਵੇਜ਼ਾਂ ਦੀ ਜਾਂਚ ਕੀਤੀ। ਇਸ ਕਾਰਵਾਈ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ।
PGWP ਨੂੰ ਲੈ ਕੇ ਵਿਦਿਆਰਥੀਆਂ ਵਿੱਚ ਰੋਸ
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੈਨੇਡਾ ਵਿੱਚ ਪੜ੍ਹਾਈ ਲਈ ਵੱਡੀ ਰਕਮ ਖਰਚ ਕੀਤੀ ਅਤੇ ਪੁਰਾਣੇ ਨਿਯਮਾਂ ਤੇ ਯੋਗਤਾ ਮਾਪਦੰਡਾਂ ਦੇ ਆਧਾਰ ’ਤੇ ਆਪਣੀਆਂ ਅਰਜ਼ੀਆਂ ਦਾਖਲ ਕੀਤੀਆਂ ਸਨ। ਹੁਣ ਅਰਜ਼ੀਆਂ ਰੱਦ ਹੋਣ ਕਾਰਨ ਉਨ੍ਹਾਂ ਦਾ ਭਵਿੱਖ ਅਣਿਸ਼ਚਿਤ ਹੋ ਗਿਆ ਹੈ। ਵਿਦਿਆਰਥੀਆਂ ਦੀ ਮੰਗ ਹੈ ਕਿ ਰੱਦ ਕੀਤੀਆਂ ਅਰਜ਼ੀਆਂ ਦੀ ਮੁੜ ਸਮੀਖਿਆ ਕੀਤੀ ਜਾਵੇ ਅਤੇ ਉਨ੍ਹਾਂ ਦੇ ਮਾਮਲਿਆਂ ’ਤੇ ਦੁਬਾਰਾ ਵਿਚਾਰ ਕੀਤਾ ਜਾਵੇ।
ਜਲੰਧਰ ਦੀ ਇਮੀਗ੍ਰੇਸ਼ਨ ਫਰਮ ਨਾਲ ਵੀ ਜੋੜ
ਰਿਪੋਰਟਾਂ ਮੁਤਾਬਕ ਇਸ ਮਾਮਲੇ ਦੇ ਕੁਝ ਤਾਰ ਪੰਜਾਬ ਦੇ ਜਲੰਧਰ ਸਥਿਤ ਇੱਕ ਇਮੀਗ੍ਰੇਸ਼ਨ ਫਰਮ ਨਾਲ ਵੀ ਜੁੜੇ ਹੋਏ ਦੱਸੇ ਜਾ ਰਹੇ ਹਨ। ਕਈ ਪ੍ਰਭਾਵਿਤ ਵਿਦਿਆਰਥੀਆਂ ਨੇ ਇਸੇ ਫਰਮ ਰਾਹੀਂ ਕੈਨੇਡਾ ਵਿੱਚ ਦਾਖਲਾ ਲਿਆ ਸੀ।
IRCC ਨੇ ਦਿੱਤੀ ਸਫਾਈ
ਕੈਨੇਡਾ ਦੇ ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ (IRCC) ਦਾ ਕਹਿਣਾ ਹੈ ਕਿ ਹਾਲੀਆ ਅਪਡੇਟ ਵਿੱਚ ਸਿਰਫ਼ ‘ਨਾਨ-ਕ੍ਰੈਡਿਟ ਪ੍ਰੋਗਰਾਮਾਂ’ ਨਾਲ ਸਬੰਧਤ ਮੌਜੂਦਾ ਯੋਗਤਾ ਸ਼ਰਤਾਂ ਨੂੰ ਸਪਸ਼ਟ ਕੀਤਾ ਗਿਆ ਹੈ। ਵਿਭਾਗ ਮੁਤਾਬਕ PGWP ਲਈ ਮੁੱਖ ਯੋਗਤਾ ਮਾਪਦੰਡਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਇਸ ਦੇ ਬਾਵਜੂਦ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੇਸਾਂ ’ਤੇ ਮੁੜ ਵਿਚਾਰ ਹੋਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਨੇ ਆਪਣੀ ਪੜ੍ਹਾਈ ਅਤੇ ਅਰਜ਼ੀਆਂ ਪੁਰਾਣੀਆਂ ਸ਼ਰਤਾਂ ਨੂੰ ਧਿਆਨ ਵਿੱਚ ਰੱਖ ਕੇ ਪੂਰੀਆਂ ਕੀਤੀਆਂ ਸਨ।
