ਸਕੂਲ ਦੇ ਬਾਹਰ ਵਿਦਿਆਰਥੀਆਂ ਦੀ ਝੜਪ, ਇੱਕ ਦੀ ਮੌਤ
Students clash outside school: ਅਬੋਹਰ: ਬਲੂਆਣਾ ਹਲਕੇ ਦੇ ਪਿੰਡ ਸੈਯਦਾਵਾਲੀ ਵਿੱਚ ਸਰਕਾਰੀ ਸਕੂਲ ਦੇ ਬਾਹਰ ਵਿਦਿਆਰਥੀਆਂ ਵਿਚਾਲੇ ਹੋਈ ਝੜਪ ਨੇ ਖੂਨੀ ਰੂਪ ਧਾਰ ਲਿਆ। ਇਸ ਦੌਰਾਨ ਦੋ ਸਕੇ ਭਰਾ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਵਿੱਚ ਗੰਭੀਰ ਜ਼ਖਮੀ ਹੋ ਗਏ। ਇਲਾਜ ਦੌਰਾਨ ਇੱਕ ਭਰਾ ਦੀ ਮੌਤ ਹੋ ਗਈ, ਜਦਕਿ ਦੂਜਾ ਹਸਪਤਾਲ ਵਿੱਚ ਇਲਾਜ ਅਧੀਨ ਹੈ।
ਮ੍ਰਿਤਕ ਦੀ ਪਛਾਣ ਪਿੰਡ ਕਿੱਲਿਆਂ ਵਾਲੀ ਵਾਸੀ ਲਵਪ੍ਰੀਤ ਵਜੋਂ ਹੋਈ ਹੈ, ਜਦਕਿ ਉਸ ਦਾ ਛੋਟਾ ਭਰਾ ਗਗਨਦੀਪ ਜ਼ਖਮੀ ਦੱਸਿਆ ਜਾ ਰਿਹਾ ਹੈ। ਦੋਵਾਂ ਨੂੰ ਪਹਿਲਾਂ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਗੰਭੀਰ ਹਾਲਤ ਦੇਖਦਿਆਂ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਲਵਪ੍ਰੀਤ ਨੇ ਦਮ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਸਦਰ ਥਾਣਾ ਪੁਲਿਸ ਮੌਕੇ ’ਤੇ ਪਹੁੰਚੀ। ਝੜਪ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਨ ਦੀ ਕਾਰਵਾਈ ਜਾਰੀ ਹੈ। ਸਕੂਲ ਦੇ ਬਾਹਰ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਵੱਲੋਂ ਹਮਲੇ ਦੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ।
