ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ
ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ 20 ਨਵੰਬਰ ਨੂੰ ਜਲੰਧਰ ਵਿੱਚ ਦਿੱਲੀ ਨੈਸ਼ਨਲ ਹਾਈਵੇ ਅਤੇ ਰੇਲਵੇ ਟਰੈਕ ਜਾਮ ਕੀਤਾ ਜਾਵੇਗਾ।
ਕਿਸਾਨਾਂ ਦੀ ਮੁੱਖ ਮੰਗ ਹੈ ਕਿ ਪੰਜਾਬ ਵਿੱਚ ਗੰਨੇ ਦਾ ਮੌਜੂਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 550 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ‘ਇੱਕ ਕਾਊਂਟਰ, ਇੱਕ ਪੇਮੈਂਟ’ ਦਾ ਫਾਰਮੂਲਾ ਲਾਗੂ ਕਰਨ ਦੀ ਮੰਗ ਵੀ ਉਠਾਈ ਹੈ।
ਕਿਸਾਨਾਂ ਮੁਤਾਬਕ ਸਰਕਾਰ ਵੱਲ ਗੰਨਾ ਕਾਸ਼ਤਕਾਰਾਂ ਦੇ ਕਰੀਬ 7 ਕਰੋੜ ਰੁਪਏ ਬਕਾਇਆ ਹਨ, ਜਿਨ੍ਹਾਂ ਨੂੰ ਤੁਰੰਤ ਜਾਰੀ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਗੰਨਾ ਮਿੱਲਾਂ ਚਾਲੂ ਕਰਨ ਦੀਆਂ ਤਰੀਕਾਂ ਦਾ ਐਲਾਨ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ 20 ਨਵੰਬਰ ਨੂੰ ਜਲੰਧਰ ਵਿੱਚ ਹਾਈਵੇ ਅਤੇ ਰੇਲ ਆਵਾਜਾਈ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।