ਸੁਖਬੀਰ ਬਾਦਲ ਦਾ ਹੜ੍ਹ ਮਾਰੇ ਕਿਸਾਨਾਂ ਲਈ ਵੱਡਾ ਐਲਾਨ, ਕਣਕ ਦੀ ਬਿਜਾਈ ਲਈ ਪ੍ਰਦਾਨ ਕਰਾਂਗੇ ਬੀਜ, ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ
Punjab Flood affected Farmers: ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਹੜ੍ਹ ਮਾਰੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਖੇਤ ਮਜ਼ਦੂਰਾਂ ਨੂੰ ਵੀ ਰਾਹਤ ਪ੍ਰਦਾਨ ਕੀਤੀ ਜਾਵੇ।
Sukhbir Badala appeal to PM Modi: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਵਿਆਪਕ ਪ੍ਰੋਗਰਾਮ ਦਾ ਐਲਾਨ ਕੀਤਾ ਤਾਂ ਜੋ ਹੜ੍ਹ ਮਾਰੇ ਕਿਸਾਨਾਂ ਨੂੰ ਉਨ੍ਹਾਂ ਦੇ ਪੈਰਾਂ ਸਿਰ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕੀਤੀ ਜਾ ਸਕੇ ਤੇ ਕਣਕ ਦੇ ਆਉਂਦੇ ਸੀਜ਼ਨ ਵਾਸਤੇ ਮਿਆਰੀ ਬੀਜ਼ ਪ੍ਰਦਾਨ ਕੀਤੇ ਜਾ ਸਕਣ ਅਤ ਉਨ੍ਹਾਂ ਮੰਗ ਕੀਤੀ ਕਿ ਹੜ੍ਹ ਮਾਰੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਖੇਤ ਮਜ਼ਦੂਰਾਂ ਨੂੰ ਵੀ ਰਾਹਤ ਪ੍ਰਦਾਨ ਕੀਤੀ ਜਾਵੇ।
ਪਾਰਟੀ ਦੇ ਸੀਨੀਅਰ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਐਮਰਜੰਸੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਪਾਰਟੀ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਪਾਰਟੀ ਪਿੰਡਾਂ ਵਿਚ 500 ਟਰੱਕ ਮੱਕੀ ਦਾ ਆਚਾਰ ਵੰਡੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 500 ਟਰੱਕ ਹਰਾ ਚਾਰਾ ਵੀ ਪਸ਼ੂਆਂ ਵਾਸਤੇ ਵੰਡਿਆ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪਾਰਟੀ ਨੇ 500 ਫੋਗਿੰਗ ਮਸ਼ੀਨਾਂ ਖਰੀਦ ਲਈਆਂ ਹਨ ਜੋ ਹੜ੍ਹ ਮਾਰੇ ਇਲਾਕਿਆਂ ਵਿਚ ਵਰਤੀਆਂ ਜਾਣਗੀਆਂ ਅਤੇ ਪਾਰਟੀ ਆਪਣੇ ਵਾਲੰਟੀਅਰਜ਼ ਦੀ ਡਿਊਟੀ ਇਸ ਵਾਸਤੇ ਲਗਾਵੇਗੀ ਤਾਂ ਜੋ ਮਲੇਰੀਆ ਤੇ ਹੋਰ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।
ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਿਰਫ ਰਾਹਤ ਸਮੱਗਰੀ ਹੀ ਪ੍ਰਦਾਨ ਨਹੀਂ ਕਰੇਗਾ ਬਲਕਿ ਭਵਿੱਖ ਵਿਚ ਵੀ ਕਿਸਾਨਾਂ ਦੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਅਸੀਂ ਇਕ ਲੱਖ ਏਕੜ ਵਿਚ ਕਣਕ ਦੀ ਬਿਜਾਈ ਵਾਸਤੇ ਮਿਆਰੀ ਬੀਜ ਪ੍ਰਦਾਨ ਕਰਾਂਗੇ। ਉਨ੍ਹਾਂ ਕਿਹਾ ਕਿ ਹੜ੍ਹ ਮਾਰੇ ਇਲਾਕਿਆਂ ਵਾਸਤੇ 30 ਹਜ਼ਾਰ ਕੁਇੰਟਲ ਕਣਕ ਵੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਸਕਣ।
125 ਮੈਡੀਕਲ ਟੀਮਾਂ ਹੜ੍ਹ ਪ੍ਰਭਾਵਤ ਇਲਾਕੇ ਵਿਚ ਤਾਇਨਾਤ
ਸੁਖਬੀਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੀ ਮੈਡੀਕਲ ਕੈਂਪਾਂ ਵਾਸਤੇ ਬੇਨਤੀ ਪ੍ਰਵਾਨ ਕਰ ਲਈ ਹੈ ਤੇ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਤੋਂ 125 ਮੈਡੀਕਲ ਟੀਮਾਂ ਹੜ੍ਹ ਪ੍ਰਭਾਵਤ ਇਲਾਕੇ ਵਿਚ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਸ਼ੂ ਧਨ ਦੀ ਸੰਭਾਲ ਵਾਸਤੇ 25 ਵੈਟਨਰੀ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਨਾਲ ਹੀ ਇਹ ਵੀ ਐਲਾਨ ਕੀਤਾ ਕਿ ਵਾਲੰਟੀਅਰ ਕਿਸਾਨਾਂ ਦੀ ਖੇਤਾਂ ਵਿਚੋਂ ਰੇਤਾ ਕੱਢਣ ਵਿਚ ਵੀ ਮਦਦ ਕਰਨਗੇ।
ਲੋਕਾਂ ਦੀ ਮਦਦ ਕਰਨ ਲਈ ਕੋਸ਼ਿਸ਼ਾਂ ਤੇਜ਼ ਕਰਨ ਦੀ ਲੋੜ
ਕੇਂਦਰ ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਲੋਕਾਂ ਦੀ ਮਦਦ ਵਾਸਤੇ ਯਤਨ ਤੇਜ਼ ਕਰਨ ਦੀ ਲੋੜ ਦੀ ਗੱਲ ਕਰਦਿਆਂ ਬਾਦਲ ਨੇ ਮੰਗ ਕੀਤੀ ਕਿ ਕੇਂਦਰ ਅਤੇ ਰਾਜ ਸਰਕਾਰ ਸਾਰੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਕਰਜ਼ਾ ਮੁਆਫੀ ਸਕੀਮ ਲਿਆਵੇ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਰਜ਼ਾ ਵਾਪਸੀ ’ਤੇ ਛੇ ਮਹੀਨੇ ਲਈ ਰੋਕ ਕਿਸੇ ਕੰਮ ਨਹੀਂ ਆਵੇਗੀ ਕਿਉਂਕਿ ਕਿਸਾਨਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਉਭਰਨ ਵਾਸਤੇ ਦੋ ਤੋਂ ਤਿੰਨ ਸਾਲ ਲੱਗ ਜਾਣਗੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਰਾਜ ਸਰਕਾਰ ਮ੍ਰਿਤਕਾਂ ਦੇ ਮਾਮਲੇ ਵਿਚ 4 ਲੱਖ ਦੀ ਸਹਾਇਤਾ ਰਾਸ਼ੀ ਨੂੰ ਵਧਾ ਕੇ 10 ਲੱਖ ਰੁਪਏ ਕਰੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਸ਼ੂ ਧਨ ਦੇ ਹੋਏ ਨੁਕਸਾਨ ਲਈ 1 ਲੱਖ ਰੁਪਏ ਪ੍ਰਤੀ ਪਸ਼ੂ ਦਿੱਤਾ ਜਾਵੇ ਅਤੇ ਘਰਾਂ ਦੇ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਖੇਤ ਵਾਹੁਣ ਵਾਲਿਆਂ ਨੂੰ ਦਿੱਤਾ ਜਾਵੇ ਭਾਵੇਂ ਉਹ ਜ਼ਮੀਨ ਦਾ ਮਾਲਕ ਹੋਵੇ ਜਾਂ ਫਿਰ ਠੇਕੇ ’ਤੇ ਲੈ ਕੇ ਜ਼ਮੀਨ ਵਾਹੁਣ ਵਾਲਾ ਹੋਵੇ ਅਤੇ ਜੋ ਕੱਚੀਆਂ ਜ਼ਮੀਨਾਂ ਵਾਹ ਰਹੇ ਹਨ ਉਹਨਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇ।
PM ਮੋਦੀ ਤੋਂ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦੀ ਮੰਗ
ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਹੜ੍ਹਾਂ ਤੋਂ ਰਾਹਤ ਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਆਪਣੀ ਭਲਕੇ ਦੀ ਫੇਰੀ ਦੌਰਾਨ ਕਰਨ। ਉਨ੍ਹਾਂ ਕਿਹਾ ਕਿ ਇਕ ਵਿਸ਼ੇਸ਼ ਨਿਗਰਾਨ ਕਮੇਟੀ ਬਣਾਈ ਜਾਣੀ ਚਾਹੀਦੀ ਹੈ ਤਾਂ ਜੋ ਉਹ ਇਸ ਰਾਹਤ ਦੀ ਵੰਡ ਦੀ ਨਿਗਰਾਨੀ ਕਰੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੌਜੂਦਾ ਆਪ ਸਰਕਾਰ ਫੰਡਾਂ ਦੀ ਦੁਰਵਰਤੋਂ ਨਾ ਕਰੇ ਕਿਉਂਕਿ ਇਸਨੇ ਪਹਿਲਾਂ ਹੀ ਕੁਦਰਤੀ ਆਫਤ ਫੰਡ ਤਹਿਤ ਪਏ 13 ਹਜ਼ਾਰ ਕਰੋੜ ਰੁਪਏ ਦੀ ਦੁਰਵਰਤੋਂ ਕੀਤੀ ਹੈ।
ਉਨ੍ਹਾਂ ਨੇ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਮਦਦ ਵਾਸਤੇ ਅੱਗੇ ਆਉਣ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਪਰ ਸੱਚੀ ਗੱਲ ਹੈ ਕਿ ਭਾਵੇਂ ਪੰਜਾਬੀਆਂ ਨੇ ਗੁਜਰਾਤ ਵਿਚ ਭੂਚਾਲ ਪੀੜਤਾਂ ਤੇ ਤਾਮਿਲਨਾਡੂ ਵਿਚ ਸੁਨਾਮੀ ਪੀੜਤਾਂ ਤੋਂ ਇਲਾਵਾ ਨੇਪਾਲ ਵਿਚ ਵੀ ਕੁਦਰਤੀ ਆਫਤਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਕੀਤੀ ਪਰ ਅੱਜ ਸੰਕਟ ਵੇਲੇ ਪੰਜਾਬ ਦੀ ਮਦਦ ਵਾਸਤੇ ਕੋਈ ਨਹੀਂ ਬਹੁੜਿਆ।
ਇਕ ਸਵਾਲ ਦੇ ਜਵਾਬ ਵਿਚ ਬਾਦਲ ਨੇ ਕਿਹਾ ਕਿ ਉਹ ਪਿਛਲੇ 15 ਦਿਨਾਂ ਤੋਂ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਬੰਨਾਂ ਦੀ ਮਜ਼ਬੂਤੀ ਵਾਸਤੇ ਕੱਖ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਹੜ੍ਹਾਂ ਦੀ ਰੋਕਥਾਮ ਲਈ ਲੋੜੀਂਦੀ ਮੀਟਿੰਗ ਹੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਹੋਇਆ ਹੈ।