ਤਰੁਣ ਚੁੱਘ ਦਾ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੱਡਾ ਹਮਲਾ: ਧਮਾਕਿਆਂ ਬਾਰੇ ਦਿੱਤੇ ਬਿਆਨ ‘ਤੇ ਭੇਜਿਆ ਮਾਣਹਾਨੀ ਦਾ ਨੋਟਿਸ
Tarun Chugh vs Bhagwant Mann: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਮਾਣਹਾਨੀ ਦਾ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਇਹ ਕਾਰਵਾਈ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਹੋਏ ਹਾਲੀਆ ਬੰਬ ਧਮਾਕਿਆਂ ਪਿੱਛੇ ਭਾਜਪਾ ਦਾ ਹੱਥ ਹੋਣ ਦੇ ਲਗਾਏ ਗਏ ਵਿਵਾਦਤ ਇਲਜ਼ਾਮਾਂ ਦੇ ਵਿਰੋਧ ਵਿੱਚ ਕੀਤੀ ਗਈ ਹੈ। ਚੁੱਘ ਨੇ ਮਾਨ ਨੂੰ ਆਪਣਾ ਬਿਆਨ ਵਾਪਸ ਲੈਣ ਅਤੇ 7 ਦਿਨਾਂ ਦੇ ਅੰਦਰ ਜਨਤਕ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ ਹੈ।
“ਮੁੱਖ ਮੰਤਰੀ ਦਾ ਬਿਆਨ DGP ਦੇ ਬਿਆਨ ਨਾਲ ਮੇਲ ਨਹੀਂ ਖਾਂਦਾ”
ਤਰੁਣ ਚੁੱਘ ਨੇ ਇਲਜ਼ਾਮ ਲਗਾਇਆ ਕਿ ਮੁੱਖ ਮੰਤਰੀ ਨੇ ਆਪਣੇ ਅਹੁਦੇ ਦੀ ਮਰਯਾਦਾ ਨੂੰ ਛਿੱਕੇ ਟੰਗ ਕੇ ਬਿਨਾਂ ਕਿਸੇ ਸਬੂਤ ਦੇ ਅਜਿਹਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ, “ਇੱਕ ਪਾਸੇ ਪੰਜਾਬ ਪੁਲਿਸ ਦੇ DGP ਇਨ੍ਹਾਂ ਧਮਾਕਿਆਂ ਵਿੱਚ ISI ਅਤੇ ਵਿਦੇਸ਼ੀ ਨੈੱਟਵਰਕ ਦੀ ਗੱਲ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਸਿਆਸੀ ਲਾਭ ਲਈ ਭਾਜਪਾ ‘ਤੇ ਝੂਠੇ ਦੋਸ਼ ਲਗਾ ਰਹੇ ਹਨ। ਕੀ ਮਾਨ ਸਾਹਿਬ ਦੇਸ਼ ਵਿਰੋਧੀ ਤਾਕਤਾਂ ਨੂੰ ਸਿਆਸੀ ਕਵਰ ਦੇ ਰਹੇ ਹਨ?”
ਆਪ੍ਰੇਸ਼ਨ ਸਿੰਦੂਰ ਦੀ ਵਰ੍ਹੇਗੰਢ ਦਾ ਦਿੱਤਾ ਹਵਾਲਾ
ਚੁੱਘ ਨੇ ਅੱਗੇ ਕਿਹਾ ਕਿ ਜਿਸ ਦਿਨ ਪੂਰਾ ਦੇਸ਼ ‘ਆਪ੍ਰੇਸ਼ਨ ਸਿੰਦੂਰ’ ਦੀ ਵਰ੍ਹੇਗੰਢ ਮਨਾ ਰਿਹਾ ਹੈ ਅਤੇ ਭਾਰਤੀ ਫੌਜ ਦੇ ਸਾਹਸ ਨੂੰ ਸਲਾਮ ਕਰ ਰਿਹਾ ਹੈ, ਉਸੇ ਦਿਨ ਮੁੱਖ ਮੰਤਰੀ ਮਾਨ ਵੱਲੋਂ ਭਾਜਪਾ ਵਰਗੀ ਰਾਸ਼ਟਰਵਾਦੀ ਪਾਰਟੀ ਨੂੰ ਅੱਤਵਾਦੀ ਘਟਨਾਵਾਂ ਨਾਲ ਜੋੜਨਾ ਕਰੋੜਾਂ ਦੇਸ਼ ਵਾਸੀਆਂ ਦੇ ਫਤਵੇ ਦੀ ਬੇਅਦਬੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨ ਪੰਜਾਬ ਵਿੱਚ ਸਮਾਜਿਕ ਅਸ਼ਾਂਤੀ ਅਤੇ ਭੰਬਲਭੂਸਾ ਪੈਦਾ ਕਰ ਸਕਦੇ ਹਨ।
7 ਦਿਨਾਂ ਦਾ ਅਲਟੀਮੇਟਮ
ਭਾਜਪਾ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 7 ਦਿਨਾਂ ਵਿੱਚ ਮੁਆਫ਼ੀ ਨਾ ਮੰਗੀ ਗਈ ਤਾਂ ਭਗਵੰਤ ਮਾਨ ਖਿਲਾਫ਼ ਅਪਰਾਧਿਕ ਅਤੇ ਸਿਵਲ, ਦੋਵੇਂ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।