ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ, ਸੇਵਾ ਅਤੇ ਸਰਬੱਤ ਦੇ ਭਲੇ ਦਾ ਦਿੰਦੀਆਂ ਹਨ ਸੰਦੇਸ਼: PM ਮੋਦੀ
- ਪ੍ਰਕਾਸ਼ ਪੁਰਬ ਮੌਕੇ ਸ਼ਬਦ ਕੀਰਤਨ ਸਮਾਗਮ ਵਿੱਚ ਸ਼ਿਰਕਤ
- ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲ ਪੂਰੇ ਹੋਣ ਦਾ ਕੀਤਾ ਜ਼ਿਕਰ
- ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਯਤਨਾਂ ਦਾ ਸੱਦਾ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਸ਼ਬਦ ਕੀਰਤਨ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਿੱਖ ਪਰੰਪਰਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਬਾਣੀ ਮਨੁੱਖਤਾ, ਸੇਵਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਵਿਕਸਿਤ ਭਾਰਤ ਦਾ ਟੀਚਾ ਗੁਰੂ ਸਾਹਿਬਾਨ ਦੀ ਪ੍ਰੇਰਣਾ ਅਤੇ ਉਨ੍ਹਾਂ ਦੇ ਆਦਰਸ਼ਾਂ ਤੋਂ ਤਾਕਤ ਲੈ ਕੇ ਹੀ ਪੂਰਾ ਕੀਤਾ ਜਾ ਸਕਦਾ ਹੈ।
ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ, ਸੰਗਤਾਂ, ਗੁਰਦੁਆਰਿਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਮਿਲ ਕੇ ਯਤਨ ਕਰਨ ਦੀ ਅਪੀਲ ਵੀ ਕੀਤੀ।
ਗੁਰਬਾਣੀ ਅਤੇ ਕੀਰਤਨ ਆਤਮਿਕ ਸਾਧਨਾ ਦਾ ਸਾਧਨ
ਪੀਐਮ ਮੋਦੀ ਨੇ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਹਰ ਸ਼ਬਦ ਅਤੇ ਕੀਰਤਨ ਦੀ ਹਰ ਧੁਨ ਸਿਰਫ਼ ਸੰਗੀਤ ਨਹੀਂ, ਸਗੋਂ ਆਪਣੇ ਆਪ ਵਿੱਚ ਆਤਮਿਕ ਸਾਧਨਾ ਹੈ। ਅਜਿਹੇ ਸਮਾਗਮਾਂ ਵਿੱਚ ਸ਼ਾਮਲ ਹੋਣਾ ਗਿਆਨ ਦੇ ਸਾਗਰ ਵਿੱਚ ਡੁਬਕੀ ਲਾਉਣ ਵਰਗਾ ਅਨੁਭਵ ਹੈ।
ਬਚਪਨ ਤੋਂ ਗੁਰਦੁਆਰਿਆਂ ਅਤੇ ਸੇਵਾ ਨਾਲ ਜੁੜਾਅ
ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ’ ਉਨ੍ਹਾਂ ਦੇ ਜੀਵਨ ਦਾ ਅਹਿਮ ਹਿੱਸਾ ਰਹੀਆਂ ਹਨ। ਗੁਰਦੁਆਰਿਆਂ ਵਿੱਚ ਮੱਥਾ ਟੇਕਣਾ, ਗੁਰਬਾਣੀ ਦਾ ਆਨੰਦ ਮਾਣਨਾ, ਸੇਵਾ ਕਰਨੀ ਅਤੇ ਲੰਗਰ ਛਕਣਾ ਉਨ੍ਹਾਂ ਦੇ ਜੀਵਨ ਦਾ ਨਿਰੰਤਰ ਹਿੱਸਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਚਪਨ ਤੋਂ ਲੈ ਕੇ ਸੰਗਠਨ ਵਿੱਚ ਕੰਮ ਕਰਨ ਦੇ ਸਮੇਂ ਤੱਕ ਇਹ ਸਿਲਸਿਲਾ ਜਾਰੀ ਰਿਹਾ। ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਈ ਵਾਰ ਨਤਮਸਤਕ ਹੋਣ ਦਾ ਸੁਭਾਗ ਮਿਲਿਆ ਹੈ। ਪੰਜਾਬ ਵਿੱਚ ਬਿਤਾਏ ਸਮੇਂ ਨੂੰ ਉਨ੍ਹਾਂ ਆਪਣੇ ਜੀਵਨ ਦੀਆਂ ਖ਼ਾਸ ਯਾਦਾਂ ਵਿੱਚੋਂ ਇੱਕ ਦੱਸਿਆ।
ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲ ਪੂਰੇ
ਪੀਐਮ ਮੋਦੀ ਨੇ ਕਿਹਾ ਕਿ ਇਸ ਸਾਲ ਦਾ ਪ੍ਰਕਾਸ਼ ਪੁਰਬ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲ ਪੂਰੇ ਹੋਣ ਦੀ ਪਵਿੱਤਰ ਯਾਦ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਇਸੇ ਧਰਤੀ ‘ਤੇ ਗੁਰੂ ਸਾਹਿਬ ਨੇ ਦੇਸ਼ ਦੀ ਆਸਥਾ, ਵਿਸ਼ਵਾਸ ਅਤੇ ਕਦਰਾਂ-ਕੀਮਤਾਂ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ ਸੀ। ਸਾਢੇ ਤਿੰਨ ਸਦੀਆਂ ਬਾਅਦ ਵੀ ਉਨ੍ਹਾਂ ਦੀ ਕੁਰਬਾਨੀ ਦੀ ਪ੍ਰੇਰਣਾ ਦੇਸ਼ ਦੇ ਲੋਕਾਂ ਦੇ ਮਨਾਂ ਵਿੱਚ ਵਸੀ ਹੋਈ ਹੈ। ਉਨ੍ਹਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀਆਂ ਸ਼ਹਾਦਤਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਪਰੰਪਰਾ ਤਿਆਗ, ਸੇਵਾ ਅਤੇ ਕੌਮ ਤੇ ਦੇਸ਼ ਲਈ ਕੁਰਬਾਨੀ ਦੀ ਮਿਸਾਲ ਹੈ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸੁਧਾਰ ਲਹਿਰ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਰਦਾਰ ਤੇਜਾ ਸਿੰਘ ਸਮੁੰਦਰੀ ਨੂੰ ਵੀ ਯਾਦ ਕੀਤਾ, ਜਿਨ੍ਹਾਂ ਦੀ ਸ਼ਹਾਦਤ ਦੇ 100 ਸਾਲ ਇਸ ਵਰ੍ਹੇ ਪੂਰੇ ਹੋ ਰਹੇ ਹਨ।
ਗੁਰੂ ਸਾਹਿਬਾਨ ਦੀ ਪ੍ਰੇਰਣਾ ਨਾਲ ਪੂਰਾ ਹੋਵੇਗਾ ਵਿਕਸਿਤ ਭਾਰਤ ਦਾ ਸੁਪਨਾ
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੇ ਸਦੀਆਂ ਤੱਕ ਗੁਲਾਮੀ ਦਾ ਦੌਰ ਦੇਖਿਆ, ਪਰ ਔਖੇ ਸਮੇਂ ਵਿੱਚ ਵੀ ਗੁਰੂ ਸਾਹਿਬਾਨ ਨੇ ਦੇਸ਼ ਅਤੇ ਸੱਭਿਆਚਾਰ ਦੀ ਰੱਖਿਆ ਲਈ ਚਾਨਣ ਦੀ ਜੋਤ ਜਗਾਈ ਰੱਖੀ। ਅੱਜ ਵਿਕਸਿਤ ਭਾਰਤ ਦਾ ਟੀਚਾ ਹਾਸਲ ਕਰਨ ਲਈ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਜੀਵਨ ਵਿੱਚ ਅਪਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਦੌਰਾਨ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਅਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮੇਤ ਕਈ ਇਤਿਹਾਸਕ ਦਿਹਾੜੇ ਦੇਸ਼ ਅਤੇ ਵਿਦੇਸ਼ਾਂ ਵਿੱਚ ਮਨਾਏ ਗਏ। ਇਸ ਦੌਰਾਨ ਯਾਦਗਾਰੀ ਸਿੱਕੇ ਅਤੇ ਡਾਕ ਟਿਕਟਾਂ ਜਾਰੀ ਕੀਤੀਆਂ ਗਈਆਂ ਅਤੇ ਵਿਸ਼ੇਸ਼ ਰੇਲ ਗੱਡੀਆਂ ਵੀ ਚਲਾਈਆਂ ਗਈਆਂ। ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ਵਿਖੇ ਕੌਮੀ ਪੱਧਰ ਦਾ ਸਮਾਗਮ ਕਰਵਾਇਆ ਗਿਆ ਸੀ।
ਵੀਰ ਬਾਲ ਦਿਵਸ ਰਾਹੀਂ ਨਵੀਂ ਪੀੜ੍ਹੀ ਤੱਕ ਪਹੁੰਚੇਗੀ ਸਾਹਿਬਜ਼ਾਦਿਆਂ ਦੀ ਗਾਥਾ
ਪੀਐਮ ਮੋਦੀ ਨੇ ਕਿਹਾ ਕਿ 26 ਦਸੰਬਰ ਨੂੰ ਦੇਸ਼ ਵੀਰ ਬਾਲ ਦਿਵਸ ਮਨਾਏਗਾ। ਇਸ ਦਿਨ ਨੂੰ ਕੌਮੀ ਪੱਧਰ ‘ਤੇ ਮਨਾਉਣ ਦਾ ਮਕਸਦ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਮਾਤਾ ਗੁਜਰੀ ਜੀ ਦੇ ਸਾਹਸ ਤੇ ਦ੍ਰਿੜ੍ਹ ਇਰਾਦੇ ਦੀ ਗਾਥਾ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਦੇਣ ਨਾਲ ਦੇਸ਼ ਪ੍ਰਤੀ ਸਮਰਪਿਤ ਨੌਜਵਾਨ ਪੀੜ੍ਹੀ ਤਿਆਰ ਹੋਵੇਗੀ।
ਫਿਲੀਪੀਨਜ਼ ਦੇ ਇਤਿਹਾਸਕ ਗੁਰਦੁਆਰੇ ਦੇ ਵਿਕਾਸ ਵਿੱਚ ਭਾਰਤ ਕਰ ਰਿਹਾ ਸਹਿਯੋਗ
ਪ੍ਰਧਾਨ ਮੰਤਰੀ ਨੇ ਦੱਸਿਆ ਕਿ ਗੁਰੂ ਸਾਹਿਬਾਨ ਦੀ ਵਿਰਾਸਤ ਨੂੰ ਦੁਨੀਆ ਭਰ ਵਿੱਚ ਪਹੁੰਚਾਉਣ ਦੇ ਯਤਨ ਸਿਰਫ਼ ਭਾਰਤ ਤੱਕ ਸੀਮਤ ਨਹੀਂ ਹਨ। ਕੁਝ ਦਿਨ ਪਹਿਲਾਂ ਫਿਲੀਪੀਨਜ਼ ਦੌਰੇ ਦੌਰਾਨ ਉਨ੍ਹਾਂ ਉੱਥੇ ਦੇ ਸਭ ਤੋਂ ਪੁਰਾਣੇ ਗੁਰਦੁਆਰੇ ਖਾਲਸਾ ਦੀਵਾਨ ਵਿਖੇ ਮੱਥਾ ਟੇਕਿਆ ਸੀ। ਭਾਰਤ ਸਰਕਾਰ ਇਸ ਗੁਰਦੁਆਰੇ ਦੇ ਮੁੜ ਵਿਕਾਸ ਵਿੱਚ ਸਹਿਯੋਗ ਕਰ ਰਹੀ ਹੈ।
‘ਸਰਬੱਤ ਦਾ ਭਲਾ’ ਦੀ ਸਿੱਖਿਆ ਅੱਜ ਹੋਰ ਵੀ ਮਹੱਤਵਪੂਰਨ
ਪੀਐਮ ਮੋਦੀ ਨੇ ਅਰਦਾਸ ਦੀ ਤੁਕ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਭ ਦੇ ਭਲੇ ਦੀ ਭਾਵਨਾ ਗੁਰਬਾਣੀ ਦੀ ਮੁੱਖ ਸਿੱਖਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੁਨੀਆ ਦੇ ਕਈ ਹਿੱਸਿਆਂ ਵਿੱਚ ਜੰਗ ਅਤੇ ਟਕਰਾਅ ਕਾਰਨ ਬੇਕਸੂਰ ਲੋਕ ਪ੍ਰਭਾਵਿਤ ਹੋ ਰਹੇ ਹਨ। ਅਜਿਹੇ ਸਮੇਂ ਵਿੱਚ ਵਿਸ਼ਵ ਸ਼ਾਂਤੀ, ਪਰਿਵਾਰਾਂ ਦੀ ਸੁਰੱਖਿਆ ਅਤੇ ਹਰ ਵਿਅਕਤੀ ਨੂੰ ਸਨਮਾਨ ਨਾਲ ਜੀਣ ਦਾ ਮੌਕਾ ਮਿਲਣਾ ਬਹੁਤ ਜ਼ਰੂਰੀ ਹੈ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਨੂੰ ਇਕਜੁੱਟ ਹੋਣ ਦਾ ਸੱਦਾ
ਪ੍ਰਧਾਨ ਮੰਤਰੀ ਨੇ ਨਸ਼ਿਆਂ ਦੀ ਸਮੱਸਿਆ ਨੂੰ ਸਮਾਜ ਲਈ ਵੱਡੀ ਚੁਣੌਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਕੋਈ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆਉਂਦਾ ਹੈ ਤਾਂ ਉਸ ਦੇ ਨਾਲ ਪੂਰੇ ਪਰਿਵਾਰ ਦੇ ਸੁਪਨੇ ਵੀ ਟੁੱਟ ਜਾਂਦੇ ਹਨ। ਦੇਸ਼ ਦਾ ਹਰ ਨੌਜਵਾਨ ਨਸ਼ਿਆਂ ਤੋਂ ਮੁਕਤ ਰਹੇ, ਪੜ੍ਹਾਈ ਕਰੇ ਅਤੇ ਆਪਣੇ ਪਰਿਵਾਰ ਤੇ ਦੇਸ਼ ਦਾ ਮਾਣ ਵਧਾਏ, ਇਹ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਵਿੱਚ ਪਰਿਵਾਰਾਂ ਦੀ ਅਹਿਮ ਭੂਮਿਕਾ ਹੈ। ਸੰਗਤਾਂ, ਗੁਰਦੁਆਰੇ ਅਤੇ ਸਮਾਜਿਕ ਸੰਸਥਾਵਾਂ ਇਕੱਠੇ ਹੋ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਹੀ ਰਸਤਾ ਚੁਣਨ ਲਈ ਪ੍ਰੇਰਿਤ ਕਰ ਸਕਦੀਆਂ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਗੁਰੂ ਸਾਹਿਬ ਦੀ ਕਿਰਪਾ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਨਵੀਂ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਅਤੇ ਉੱਜਵਲ ਬਣਾਇਆ ਜਾ ਸਕਦਾ ਹੈ।