ਮੋਗਾ ‘ਚ ਦਰਿੰਦਗੀ ਦੀਆਂ ਹੱਦਾਂ ਪਾਰ; ਸ਼ਰਾਬੀ ਪਤੀ ਨੇ ਪਤਨੀ ਤੇ ਕੀਤਾ ਹਥੌੜੇ ਨਾਲ ਕੀਤਾ ਹਮਲਾ
ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਅਧੀਨ ਪੈਂਦੇ ਪਿੰਡ ਘੋਲੀਆ ਖੁਰਦ ਵਿੱਚ ਇੱਕ ਬੇਹੱਦ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ ਇੱਕ ਵਿਅਕਤੀ ਜਗਤਾਰ ਸਿੰਘ ਨੇ ਸ਼ਰਾਬ ਦੇ ਨਸ਼ੇ ਵਿੱਚ ਅੰਨ੍ਹੇ ਹੋ ਕੇ ਆਪਣੀ ਪਤਨੀ ਅਮਨਦੀਪ ਕੌਰ ‘ਤੇ ਹਥੌੜਿਆਂ ਨਾਲ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਹਮਲਾ ਇੰਨਾ ਭਿਆਨਕ ਸੀ ਕਿ ਮਹਿਲਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ, ਜਿਸ ਨੂੰ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ
ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਜਾਣਕਾਰੀ ਅਨੁਸਾਰ, ਮੁਲਜ਼ਮ ਪਤੀ ਅਕਸਰ ਸ਼ਰਾਬ ਪੀ ਕੇ ਘਰ ਵਿੱਚ ਕਲੇਸ਼ ਕਰਦਾ ਸੀ, ਪਰ ਇਸ ਵਾਰ ਉਸ ਨੇ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਪੀੜਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ।
ਇਨਸਾਫ਼ ਲਈ ਉੱਠੀ ਆਵਾਜ਼
ਘਟਨਾ ਦੀ ਸੂਚਨਾ ਮਿਲਦਿਆਂ ਹੀ ਕਿਸਾਨ ਆਗੂ ਸੁੱਖ ਗਿੱਲ ਮੋਗਾ ਆਪਣੇ ਸਾਥੀਆਂ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀ ਜਗਤਾਰ ਸਿੰਘ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਸੁੱਖ ਗਿੱਲ ਨੇ ਕਿਹਾ ਕਿ ਅਜਿਹੇ ਦਰਿੰਦਿਆਂ ਲਈ ਸਮਾਜ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ ਅਤੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।
ਇਸ ਮੌਕੇ ਕੁਲਜੀਤ ਸਿੰਘ ਰੌਂਤਾ, ਚੰਦਨਦੀਪ ਸਿੰਘ ਰੌਂਤਾ, ਗੁਰਚਰਨ ਸਿੰਘ ਤੋਤੇਵਾਲ, ਸੁੱਖਪ੍ਰੀਤ ਭੈਣੀ ਅਤੇ ਦਿਲਪ੍ਰੀਤ ਸਿੰਘ ਭੈਣੀ ਵੀ ਮੌਜੂਦ ਸਨ, ਜਿਨ੍ਹਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੀੜਤਾ ਨੂੰ ਜਲਦ ਇਨਸਾਫ਼ ਨਾ ਮਿਲਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ।
ਪੁਲਿਸ ਦੀ ਕਾਰਵਾਈ
ਸਥਾਨਕ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਦੋਸ਼ੀ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।