350th anniversary of the martyrdom of Sri Guru Tegh Bahadur Sahib Ji; ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਸਾਮ ਤੋਂ ਆਰੰਭ ਕੀਤੇ ਗਏ ਸ਼ਹੀਦੀ ਨਗਰ ਕੀਰਤਨ ਦੇ ਅੱਜ ਗੁਰਦੁਆਰਾ ਨਨਕਾਣਾ ਸਾਹਿਬ ਕਾਸ਼ੀਪੁਰ ਤੋਂ ਗੜ੍ਹ ਮੁਕਤੇਸ਼ਵਰ ਲਈ ਰਵਾਨਾ ਹੋਣ ਮੌਕੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਥੇ ਨਗਰ ਕੀਰਤਨ ਤੋਂ ਪਹਿਲਾਂ ਸਜਾਏ ਗਏ ਸਮਾਗਮ ਮੌਕੇ ਉਤਰਾਖੰਡ ਦੇ ਮੁੱਖ ਮੰਤਰੀ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਮਿਸਾਲੀ ਹੈ। ਗੁਰੂ ਸਾਹਿਬ ਨੇ ਕਸ਼ਮੀਰੀ ਪੰਡਤਾਂ ਦੀ ਫ਼ਰਿਆਦ ’ਤੇ ਜ਼ੁਲਮ ਅਤੇ ਅਨਿਆਂ ਵਿਰੁੱਧ ਕੁਰਬਾਨੀ ਦੇ ਕੇ ਇਤਿਹਾਸ ਸਿਰਜਿਆ। ਅਜਿਹੇ ਗੁਰੂ ਸਾਹਿਬ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣਾ ਸਮੁੱਚੀ ਮਨੁੱਖਤਾ ਦਾ ਧਰਮ ਹੈ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੇ ਇਸ ਇਤਿਹਾਸਕ ਪੁਰਬ ਨੂੰ ਸਮਰਪਿਤ ਆਰੰਭਿਆ ਗਿਆ ਨਗਰ ਕੀਰਤਨ ਕੇਵਲ ਇਕ ਯਾਤਰਾ ਹੀ ਨਹੀਂ ਹੈ, ਸਗੋਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਮਨੁੱਖਤਾ ਤੱਕ ਪਹੁੰਚਾਉਣ ਦਾ ਇਕ ਬਹੁਤ ਵਧੀਆ ਮਾਧਿਅਮ ਵੀ ਹੈ। ਉਨ੍ਹਾਂ ਸਿੱਖਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਦੇਸ਼ ਦੀ ਰਾਜਨੀਤੀ ਅਤੇ ਆਰਥਿਕ ਵਿਕਾਸ ਵਿਚ ਵੀ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਇਤਿਹਾਸਕ ਸਮਾਗਮਾਂ ਵਿਚ ਸ਼ਾਮਲ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਮਿਲਣਾ ਮਾਣ ਵਾਲੀ ਗੱਲ ਹੈ।
ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰਬਾਣੀ ਗੁਰ-ਇਤਿਹਾਸ ਬਾਰੇ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਨਨਕਾਣਾ ਸਾਹਿਬ ਕਾਸ਼ੀਪੁਰ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।