Pehalgam Attack: ਪਹਿਲਗਾਵ ‘ਚ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਵਿਚਕਾਰ ਮਾਹੌਲ ਤਣਾਅਪੂਰਨ ਬਣਿਆ ਹੋਇਆ ਸੀ ਅਤੇ ਹੁਣ ਬੁੱਧਵਾਰ ਸਵੇਰੇ ਭਾਰਤ ਵੱਲੋਂ ਕੀਤੀ ਗਈ ਏਅਰ ਸਟ੍ਰਾਈਕ ਤੋਂ ਬਾਅਦ ਮਾਹੌਲ ਹੋਰ ਵੀ ਤਣਾਅਪੂਰਨ ਬਣ ਗਿਆ ਹੈ। ਇਸ ਤਣਾਅਪੂਰਨ ਮਾਹੌਲ ਦੇ ਬਾਵਜੂਦ ਵੀ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਅੰਦਰ ਭਾਰਤ ਪਾਕਿਸਤਾਨ ਵਿਚਕਾਰ ਜੰਗ ਦਾ ਕੋਈ ਵੀ ਡਰ ਨਹੀਂ ਦਿਖਾਈ ਦੇ ਰਿਹਾ ਹੈ। ਹਾਲਾਂਕਿ ਪ੍ਰਸ਼ਾਸਨ ਦੇ ਆਦੇਸ਼ਾਂ ਤੋਂ ਬਾਅਦ ਸਰਹੱਦੀ ਇਲਾਕੇ ਦੇ ਸਾਰੇ ਸਕੂਲ ਬੰਦ ਰੱਖੇ ਗਏ।
ਸਰਹੱਦੀ ਪਿੰਡਾਂ ਦੇ ਲੋਕਾਂ ਨੇ ਭਾਰਤੀ ਫ਼ੌਜ ਵੱਲੋਂ ਕੀਤੀ ਗਈ ਏਅਰ ਸਟ੍ਰਾਈਕ ਨੂੰ ਦੱਸਿਆ ਚੰਗਾ ਫੈਸਲਾ
ਫਾਜ਼ਿਲਕਾ ਦੇ ਸਰਹੱਦੀ ਇਲਾਕੇ ਦੇ ਪਿੰਡ ਵਾਸੀਆਂ ਨੇ ਕਿਹਾ ਕਿ ਪਾਕਿਸਤਾਨ ਤੇ ਕੀਤੀ ਏਅਰ ਸਟ੍ਰਾਈਕ ਤੋਂ ਬਾਅਦ ਭਾਰਤ ਨੇ ਹੁਣ ਪਾਕਿਸਤਾਨ ਤੋਂ ਬਦਲਾ ਲੈ ਲਿਆ ਹੈ। ਇਸ ਤੋਂ ਬਾਅਦ ਅੱਤਵਾਦੀਆਂ ਵਿੱਚ ਡਰ ਦਾ ਮਾਹੌਲ ਪੈਦਾ ਹੋਵੇਗਾ ਅਤੇ ਕੋਈ ਵੀ ਅੱਗੇ ਤੋਂ ਅਜਿਹੀ ਕੋਝੀ ਹਰਕਤ ਕਰਨ ਤੋਂ ਡਰੇਗਾ।
ਨਾਲ ਹੀ ਉਨ੍ਹਾਂ ਕਿਹਾ ਕਿ ਇਸ ਏਅਰ ਸਟ੍ਰਾਈਕ ਤੋਂ ਬਾਅਦ ਬੌਖਲਾਏ ਪਾਕਿਸਤਾਨ ਵੱਲੋਂ ਕੋਈ ਵੀ ਗਲਤ ਹਰਕਤ ਕੀਤੀ ਜਾ ਸਕਦੀ ਹੈ। ਜਿਸ ਕਾਰਨ ਭਾਰਤ ਪਾਕਿਸਤਾਨ ਵਿਚਕਾਰ ਜੰਗ ਲੱਗਣ ਦਾ ਪੂਰਾ ਮਾਹੌਲ ਬਣਿਆ ਹੋਇਆ ਹੈ। ਇਸ ਤੋਂ ਬਾਅਦ ਜੇਕਰ ਭਾਰਤ ਪਾਕਿਸਤਾਨ ਵਿਚਕਾਰ ਜੰਗ ਲੱਗ ਜਾਂਦੀ ਹੈ ਤਾਂ ਉਹ ਭਾਰਤੀ ਫ਼ੌਜ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ ਅਤੇ ਪਾਕਿਸਤਾਨ ਨੂੰ ਕਰਾਰਾ ਜਵਾਬ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵੀ ਪਾਕਿਸਤਾਨ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।