ਪੰਜਾਬ ‘ਚ ਅੱਜ ਮੌਸਮ ਰਹੇਗਾ ਖੁਸ਼ਕ, 28 ਨਵੰਬਰ ਤੱਕ ਡਿੱਗੇਗਾ ਰਾਤ ਦਾ ਪਾਰਾ
Punjab Weather; ਪੰਜਾਬ ਅਤੇ ਚੰਡੀਗੜ੍ਹ ਵਿੱਚ ਮੰਗਲਵਾਰ (24 ਨਵੰਬਰ) ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਦੋਵਾਂ ਥਾਵਾਂ ‘ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦਿਨ ਵੇਲੇ ਅਸਮਾਨ ਮੁੱਖ ਤੌਰ ‘ਤੇ ਸਾਫ਼ ਰਹੇਗਾ ਅਤੇ ਧੁੱਪ ਨਿਕਲਣ ਦਾ ਅਨੁਮਾਨ ਹੈ। ਹਾਲਾਂਕਿ ਰਾਤ ਦੇ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।
ਸੂਬੇ ਵਿੱਚ ਸਭ ਤੋਂ ਘੱਟ 7.1 ਡਿਗਰੀ ਸੈਲਸੀਅਸ ਤਾਪਮਾਨ ਪਠਾਨਕੋਟ ਵਿੱਚ ਦਰਜ ਕੀਤਾ ਗਿਆ। ਉੱਥੇ ਹੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 11.2 ਡਿਗਰੀ ਸੈਲਸੀਅਸ ਰਿਹਾ, ਜੋ ਆਮ ਤਾਪਮਾਨ ਦੇ ਨੇੜੇ ਹੈ।
ਦੂਜੇ ਪਾਸੇ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਕਾਰਨ ਅੱਜ ਚੰਡੀਗੜ੍ਹ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ OPD ਸੇਵਾਵਾਂ ਬੰਦ ਰਹਿਣਗੀਆਂ। ਹਾਲਾਂਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਲਗਾਤਾਰ ਜਾਰੀ ਰਹਿਣਗੀਆਂ।
ਸਵੇਰੇ ਅਤੇ ਰਾਤ ਵੇਲੇ ਵਧੇਗੀ ਠੰਢ
ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਮੌਸਮ ਵਿੱਚ ਕੋਈ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ। ਹਾਲਾਂਕਿ ਰਾਤ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਵੇਗੀ। 28 ਨਵੰਬਰ ਤੱਕ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਸਕਦਾ ਹੈ।
ਇਸ ਕਾਰਨ ਸਵੇਰੇ ਅਤੇ ਰਾਤ ਦੇ ਸਮੇਂ ਠੰਢ ਵਧੇਗੀ, ਜਦਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਮੌਸਮ ਮੁਕਾਬਲਤਨ ਗਰਮ ਰਹੇਗਾ।
ਫਿਲਹਾਲ ਪਾਲਾ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਕਿਉਂਕਿ ਤਾਪਮਾਨ ਅਜੇ ਕਾਫ਼ੀ ਉੱਪਰ ਹੈ। ਮੌਸਮ ਵਿਭਾਗ ਮੁਤਾਬਕ ਜਦੋਂ ਤਾਪਮਾਨ ਲਗਭਗ 4 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚਦਾ ਹੈ, ਤਾਂ ਪਾਲਾ ਪੈਣ ਦੀ ਸਥਿਤੀ ਬਣ ਸਕਦੀ ਹੈ।
ਸੰਘਣੀ ਧੁੰਦ ਨੂੰ ਲੈ ਕੇ ਕੋਈ ਅਲਰਟ ਨਹੀਂ
ਧੁੰਦ ਦੇ ਮਾਮਲੇ ਵਿੱਚ ਵੀ ਫਿਲਹਾਲ ਰਾਹਤ ਹੈ। ਮੌਸਮ ਵਿਭਾਗ ਨੇ 24 ਨਵੰਬਰ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਸਬੰਧੀ ਕੋਈ ਨਵੀਂ ਚਿਤਾਵਨੀ ਜਾਰੀ ਨਹੀਂ ਕੀਤੀ ਹੈ।
ਇਸ ਤੋਂ ਪਹਿਲਾਂ 23 ਨਵੰਬਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਸੀ। ਉੱਥੇ ਹੀ ਚੰਡੀਗੜ੍ਹ ਲਈ 24 ਤੋਂ 28 ਨਵੰਬਰ ਤੱਕ ਜਾਰੀ ਕੀਤੇ ਗਏ ਮੌਸਮ ਦੇ ਅਨੁਮਾਨ ਵਿੱਚ ਵੀ ਕਿਸੇ ਤਰ੍ਹਾਂ ਦੀ ਮੌਸਮੀ ਚਿਤਾਵਨੀ ਨਹੀਂ ਦਿੱਤੀ ਗਈ ਹੈ।