ਗੁਰਦਾਸਪੁਰ ‘ਚ 2 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਵਧਾਈ ਸੁਰੱਖਿਆ
Gurdaspur School Bomb Threat; ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 15 ਅਗਸਤ ਤੋਂ ਪਹਿਲਾਂ ਸ਼ਹਿਰ ਦੇ ਦੋ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ। ਜਿਨ੍ਹਾਂ ਸਕੂਲਾਂ ਨੂੰ ਧਮਕੀ ਮਿਲੀ ਹੈ, ਉਨ੍ਹਾਂ ਵਿੱਚ ਲਿਟਲ ਫਲਾਵਰ ਸਕੂਲ ਅਤੇ ਡੀਪੀਐਸ ਸਕੂਲ ਸ਼ਾਮਲ ਹਨ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਸਕੂਲ ਸ਼ਹਿਰ ਦੇ ਪ੍ਰਮੁੱਖ ਸਕੂਲ ਹਨ। ਲਿਟਲ ਫਲਾਵਰ ਸਕੂਲ ਡਿਪਟੀ ਕਮਿਸ਼ਨਰ ਦਫ਼ਤਰ, ਆਰਮੀ ਏਰੀਆ ਅਤੇ ਐਸਐਸਪੀ ਰਿਹਾਇਸ਼ ਦੇ ਨੇੜੇ ਸਥਿਤ ਹੈ।
ਜਾਣਕਾਰੀ ਮੁਤਾਬਕ ਦੋਵੇਂ ਸਕੂਲਾਂ ਨੂੰ ਈਮੇਲ ਰਾਹੀਂ ਧਮਕੀ ਮਿਲੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਸਕੂਲਾਂ ਦੀ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਹੈ। ਸਕੂਲਾਂ ਦੀ ਘੇਰਾਬੰਦੀ ਕਰਕੇ ਬੰਬ ਸਕੁਆਡ ਅਤੇ ਪੁਲਿਸ ਟੀਮਾਂ ਵੱਲੋਂ ਹਰ ਕੋਨੇ ਦੀ ਜਾਂਚ ਕੀਤੀ ਜਾ ਰਹੀ ਹੈ।
ਮੌਕੇ ‘ਤੇ ਪਹੁੰਚੇ ਐਸਐਸਪੀ ਗੁਰਦਾਸਪੁਰ ਨੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ। ਪੰਜਾਬ ਪੁਲਿਸ ਬੱਚਿਆਂ ਅਤੇ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗੁਰਦਾਸਪੁਰ ਦੇ ਕਈ ਨਾਮੀ ਸਕੂਲਾਂ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਲਗਾਤਾਰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
