ਸਕੂਲਾਂ ਅਤੇ ਸ਼ਤਾਬਦੀ ਐਕਸਪ੍ਰੈਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ
Bomb Threat in Amritsar; ਅੰਮ੍ਰਿਤਸਰ ‘ਚ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਮੈਰੀਟੋਰੀਅਸ ਸਕੂਲ ‘ਚ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਪੁਲਿਸ ਦੀਆਂ ਟੀਮਾਂ ਨੇ ਸਕੂਲ ਪ੍ਰਾਂਗਣ ਵਿੱਚ ਵਿਸਥਾਰ ਨਾਲ ਤਲਾਸ਼ੀ ਅਭਿਆਨ ਚਲਾਇਆ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਤਲਾਸ਼ੀ ਅਭਿਆਨ ਦੌਰਾਨ ਐਂਟੀ ਸਾਬੋਟਾਜ਼ ਟੀਮਾਂ, ਸੁਰੱਖਿਆ ਦਲ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਸੁਰੱਖਿਆ ਸੰਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ।
ਤਸੱਲੀਬੱਖਸ਼ ਜਾਂਚ ਤੋਂ ਬਾਅਦ ਪੁਲਿਸ ਟੀਮ ਵਾਪਸ ਮੁੜ ਗਈ। ਧਮਕੀ ਭਰੀ ਈ-ਮੇਲ ਵਿੱਚ ਗੁਰੂ ਨਗਰੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੇ ਨਾਲ ਨਾਲ ਸ਼ਤਾਬਦੀ ਐਕਸਪ੍ਰੈਸ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਸੀ। ਇਸ ਤੋਂ ਇਲਾਵਾ ਈ-ਮੇਲ ਵਿੱਚ ਭਾਈ ਹਰਦੀਪ ਸਿੰਘ ਨਿੱਜਰ ਨੂੰ ਇਨਸਾਫ ਦਵਾਉਣ ਦੀ ਵੀ ਗੱਲ ਲਿਖੀ ਹੋਈ ਸੀ। ਪੁਲਿਸ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੋਸ਼ਲ ਮੀਡੀਆ ਟੀਮ, ਟੈਕਨੀਕਲ ਸਰਵਿਸ ਟੀਮ ਅਤੇ ਸਟੇਟ ਸਾਈਬਰ ਸੈੱਲ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਧਮਕੀ ਭਰੀ ਈ-ਮੇਲ ਦੇ ਸਰੋਤ ਅਤੇ ਓਰਿਜਨ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮੌਜੂਦਾ ਸਮੇਂ ਇਮਤਿਹਾਨਾਂ ਦਾ ਦੌਰ ਚੱਲ ਰਿਹਾ ਹੈ, ਇਸ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਸ਼ਹਿਰ ਵਿੱਚ ਅਮਨ-ਕਾਨੂੰਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।