ਸਾਊਦੀ ਅਰਬ ’ਚ ਦੋ ਪੰਜਾਬੀ ਨੌਜਵਾਨਾਂ ਨੂੰ ਮੌਤ ਦੀ ਸਜ਼ਾ, ਪਰਿਵਾਰਾਂ ਨੇ ਭਾਰਤ ਸਰਕਾਰ ਤੋਂ ਮਦਦ ਮੰਗੀ
Two Punjabi youths sentenced to death in Saudi Arabia: ਚੰਡੀਗੜ੍ਹ: ਸਾਊਦੀ ਅਰਬ ਦੀ ਜੇਲ੍ਹ ਵਿੱਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਨੂੰ ਪਾਕਿਸਤਾਨੀ ਨਾਗਰਿਕ ਦੀ ਮੌਤ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅਦਾਲਤੀ ਫ਼ੈਸਲੇ ਤੋਂ ਬਾਅਦ ਦੋਵਾਂ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਚਿੰਤਾ ਦਾ ਮਾਹੌਲ ਹੈ। ਪਰਿਵਾਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਾਮਲੇ ਵਿੱਚ ਦਖ਼ਲ ਦੇ ਕੇ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦਿਵਾਉਣ ਦੀ ਅਪੀਲ ਕੀਤੀ ਹੈ।
ਜਾਣਕਾਰੀ ਅਨੁਸਾਰ ਪਿੰਡ ਬਰਸਾਲਪੁਰ ਦੇ ਗੁਰਦੀਪ ਸਿੰਘ ਅਤੇ ਖਮਾਣੋਂ ਦੇ ਪਿੰਡ ਮਾਣਕੀ ਦੇ ਸੁਖਚੈਨ ਸਿੰਘ ਦੀ ਪਿਛਲੇ ਸਾਲ ਮਈ ਵਿੱਚ ਸਾਊਦੀ ਅਰਬ ਵਿੱਚ ਇੱਕ ਪਾਕਿਸਤਾਨੀ ਨੌਜਵਾਨ ਨਾਲ ਝਗੜਾ ਹੋ ਗਿਆ ਸੀ। ਇਸ ਦੌਰਾਨ ਨੌਜਵਾਨ ਦੀ ਮੌਤ ਹੋ ਗਈ ਸੀ। ਮਾਮਲੇ ਵਿੱਚ ਸਾਊਦੀ ਅਰਬ ਪੁਲਿਸ ਨੇ ਗੁਰਦੀਪ ਸਿੰਘ ਅਤੇ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਲੰਬੀ ਕਾਨੂੰਨੀ ਕਾਰਵਾਈ ਤੋਂ ਬਾਅਦ ਸਾਊਦੀ ਅਰਬ ਦੀ ਅਦਾਲਤ ਨੇ 29 ਸਤੰਬਰ ਨੂੰ ਦੋਵਾਂ ਨੂੰ ਮੌਤ ਦੀ ਸਜ਼ਾ ਸੁਣਾਈ। ਦੱਸਿਆ ਜਾ ਰਿਹਾ ਹੈ ਕਿ ਅਦਾਲਤੀ ਹੁਕਮ ’ਤੇ ਅਮਲ ਲਈ 30 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।
ਫ਼ੈਸਲੇ ਤੋਂ ਬਾਅਦ ਪਰਿਵਾਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਾਊਦੀ ਅਰਬ ਸਥਿਤ ਭਾਰਤੀ ਸਫ਼ਾਰਤਖ਼ਾਨੇ ਰਾਹੀਂ ਦੋਵਾਂ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਅਤੇ ਸਜ਼ਾ ਤੋਂ ਰਾਹਤ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।
ਇਸੇ ਤਰ੍ਹਾਂ ਨੰਗਲ ਨੇੜਲੇ ਪਿੰਡ ਹੇਠਲੀ ਪੱਟੀ ਦੇ ਗੁਰਪ੍ਰੀਤ ਸਿੰਘ ਨੂੰ ਵੀ ਸਾਊਦੀ ਅਰਬ ਵਿੱਚ ਮਾਰਕੁੱਟ ਦੇ ਇੱਕ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਇਸ ਮਾਮਲੇ ਵਿੱਚ ਵੀ ਰਹਿਮ ਦੀ ਅਪੀਲ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਗੁਰਪ੍ਰੀਤ ਸਿੰਘ ਦੇ ਮਾਮਲੇ ਵਿੱਚ ਕਾਨੂੰਨੀ ਪੈਰਵੀ ਦਾ ਭਰੋਸਾ ਦਿੱਤਾ ਗਿਆ ਹੈ।
