ਘਨੌਰ ਹਲਕੇ ‘ਚ 432 ਕਰੋੜ ਦੇ ਦੋ ਵਾਟਰ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ, CM ਮਾਨ ਵੱਲੋਂ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ
Patiala, Mandouli Water Treatment Plan: ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮੰਡੌਲੀ ਵਿਖੇ 432.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਦੋ ਅਤਿ-ਆਧੁਨਿਕ ਵਾਟਰ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰਾਜੈਕਟਾਂ ਨਾਲ ਪੰਜ ਵਿਧਾਨ ਸਭਾ ਹਲਕਿਆਂ ਦੇ 316 ਪਿੰਡਾਂ ਨੂੰ ਲਾਭ ਮਿਲੇਗਾ ਅਤੇ ਕਰੀਬ 75 ਹਜ਼ਾਰ ਘਰਾਂ ਤੱਕ ਸਾਫ਼ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਵਿੱਚ ਫਲੋਰਾਈਡ ਅਤੇ ਹੋਰ ਦੂਸ਼ਿਤ ਤੱਤਾਂ ਦੀ ਮਾਤਰਾ ਵਧਣ ਕਾਰਨ ਇਲਾਕੇ ਦੇ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਨੂੰ ਧਿਆਨ ਵਿੱਚ ਰੱਖਦਿਆਂ ਨਹਿਰੀ ਪਾਣੀ ‘ਤੇ ਆਧਾਰਿਤ ਇਹ ਪ੍ਰਾਜੈਕਟ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਿਹਤ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
ਮੰਡੌਲੀ ਅਤੇ ਪਬਰੀ ਵਿਖੇ ਬਣੇ ਇਨ੍ਹਾਂ ਪਲਾਂਟਾਂ ਦੀ ਕੁੱਲ ਪਾਣੀ ਸੋਧਣ ਦੀ ਸਮਰੱਥਾ 69 ਮਿਲੀਅਨ ਲੀਟਰ ਪ੍ਰਤੀ ਦਿਨ ਦੱਸੀ ਗਈ ਹੈ। ਮੰਡੌਲੀ ਪਲਾਂਟ 266.20 ਕਰੋੜ ਰੁਪਏ ਅਤੇ ਪਬਰੀ ਪਲਾਂਟ 166.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਨ੍ਹਾਂ ਪ੍ਰਾਜੈਕਟਾਂ ਰਾਹੀਂ 316 ਪਿੰਡਾਂ ਦੇ ਲਗਭਗ 75 ਹਜ਼ਾਰ ਘਰਾਂ ਅਤੇ 4.50 ਲੱਖ ਤੋਂ ਵੱਧ ਲੋਕਾਂ ਨੂੰ ਪੀਣ ਯੋਗ ਨਹਿਰੀ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਹੈ।
ਇਸ ਪ੍ਰਾਜੈਕਟ ਤਹਿਤ 752 ਕਿਲੋਮੀਟਰ ਲੰਮੀ ਟਰਾਂਸਮਿਸ਼ਨ ਪਾਈਪਲਾਈਨ ਵਿਛਾਈ ਗਈ ਹੈ, ਜਦਕਿ 316 ਪਿੰਡਾਂ ਵਿੱਚ 1,216 ਕਿਲੋਮੀਟਰ ਪਾਈਪਲਾਈਨਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ। ਪਾਣੀ ਦੀ ਨਿਰਵਿਘਨ ਸਪਲਾਈ ਲਈ ਸਟੋਰੇਜ ਟੈਂਕੀਆਂ ਅਤੇ ਆਧੁਨਿਕ SCADA ਸਿਸਟਮ ਵੀ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਪਾਣੀ ਦੀ ਗੁਣਵੱਤਾ ਦੀ ਜਾਂਚ ਲਈ ਲੈਬਾਰਟਰੀਆਂ ਸਥਾਪਿਤ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟੇਗੀ ਅਤੇ ਜ਼ਮੀਨਦੋਜ਼ ਪਾਣੀ ਦੇ ਸਰੋਤਾਂ ਨੂੰ ਬਚਾਉਣ ਵਿੱਚ ਮਦਦ ਮਿਲੇਗੀ। ਪ੍ਰਾਜੈਕਟਾਂ ਦੇ ਸੰਚਾਲਨ ਅਤੇ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸਬੰਧਤ ਕੰਪਨੀ ਨੂੰ 10 ਸਾਲਾਂ ਲਈ ਸੌਂਪੀ ਗਈ ਹੈ। ਇਸ ਤੋਂ ਇਲਾਵਾ ਪਿੰਡਾਂ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀਆਂ ਵੀ ਬਣਾਈਆਂ ਗਈਆਂ ਹਨ।
ਇਸ ਮੌਕੇ ਇਲਾਕਾ ਵਾਸੀਆਂ ਨੇ ਵੀ ਸਾਫ਼ ਪੀਣ ਵਾਲਾ ਪਾਣੀ ਘਰਾਂ ਤੱਕ ਪਹੁੰਚਣ ‘ਤੇ ਖੁਸ਼ੀ ਜ਼ਾਹਰ ਕੀਤੀ। ਪਟਿਆਲਾ ਦੇ ਵਸਨੀਕ ਗੁਰਪ੍ਰੀਤ ਸਿੰਘ ਅਤੇ ਸਨੌਰ ਦੀ ਹਰਪ੍ਰੀਤ ਕੌਰ ਨੇ ਕਿਹਾ ਕਿ ਪਹਿਲਾਂ ਧਰਤੀ ਹੇਠਲੇ ਪਾਣੀ ਦੀ ਮਾੜੀ ਗੁਣਵੱਤਾ ਕਾਰਨ ਪਰਿਵਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਸ਼ੁੱਧ ਕੀਤਾ ਨਹਿਰੀ ਪਾਣੀ ਘਰਾਂ ਤੱਕ ਪਹੁੰਚਣ ਨਾਲ ਵੱਡੀ ਰਾਹਤ ਮਿਲੀ ਹੈ।
ਪੰਜਾਬ ਸਰਕਾਰ ਮੁਤਾਬਕ ਇਹ ਪ੍ਰਾਜੈਕਟ ਸਾਲ 2049 ਤੱਕ ਇਲਾਕੇ ਦੀਆਂ ਪੀਣ ਵਾਲੇ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਹਨ।