Punjab Floods: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮ੍ਰਿਤਸਰ ‘ਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦੇ ਸੰਕਟ ਨੂੰ ਆਪਣੇ ਸੀਨੇ ‘ਤੇ ਲਿਆ ਹੈ ਅਤੇ ਹੁਣ ਜਦੋਂ ਪੰਜਾਬ ਸੰਕਟ ‘ਚ ਹੈ, ਤਾਂ ਪੂਰਾ ਦੇਸ਼ ਅਤੇ ਕੇਂਦਰ ਸਰਕਾਰ ਪੰਜਾਬ ਦੇ ਨਾਲ ਹੈ।
Shivraj Chauhan visit Punjab Flood-hits Areas: ਲਗਾਤਾਰ ਭਾਰੀ ਬਾਰਸ਼ ਅਤੇ ਹੜ੍ਹਾਂ ਕਾਰਨ ਪੰਜਾਬ ਵਿੱਚ ਸਥਿਤੀ ਗੰਭੀਰ ਬਣੀ ਹੋਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਲੋਕਾਂ ਅਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਖੇਤਾਂ ਵਿੱਚ ਹੜ੍ਹ ਆਉਣ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ।
ਅੰਮ੍ਰਿਤਸਰ ਤੋਂ ਇਲਾਵਾ ਕੇਂਦਰੀ ਮੰਤਰੀ ਚੌਹਾਨ ਨੇ ਕਪੂਰਥਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦਾ ਵੀ ਦੌਰਾ ਕੀਤਾ ਅਤੇ ਦੇਰ ਸ਼ਾਮ ਅੰਮ੍ਰਿਤਸਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਪਹਿਲਾਂ, ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਕੇਂਦਰੀ ਮੰਤਰੀ ਨੇ ਕਿਹਾ, “ਮੈਂ ਆਪਣੇ ਕਿਸਾਨ ਭਰਾਵਾਂ ਅਤੇ ਭੈਣਾਂ ਅਤੇ ਹੋਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਕੇਂਦਰ ਸਰਕਾਰ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਰਾਜ ਸਰਕਾਰ ਦੇ ਸਹਿਯੋਗ ਨਾਲ ਹਰ ਸੰਭਵ ਮਦਦ ਕੀਤੀ ਜਾਵੇਗੀ।”
ਕਿਸਾਨਾਂ ਲਈ ਕੀਤਾ ਵੱਡਾ ਵਾਅਦਾ
ਅੰਮ੍ਰਿਤਸਰ ਵਿੱਚ ਬੋਲਦਿਆਂ ਚੌਹਾਨ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਦੇਸ਼ ਅਤੇ ਮਨੁੱਖਤਾ ਦੀ ਸੇਵਾ ਵਿੱਚ ਸਭ ਤੋਂ ਅੱਗੇ ਰਹੇ ਹਨ। ਉਨ੍ਹਾਂ ਕਿਹਾ ਕਿ ਪਰ ਅੱਜ ਪੰਜਾਬ ਹੜ੍ਹਾਂ ਕਾਰਨ ਮੁਸ਼ਕਲ ਦੌਰ ਚੋਂ ਗੁਜ਼ਰ ਰਿਹਾ ਹੈ ਅਤੇ ਬਹੁਤ ਸਾਰੇ ਪਿੰਡ ਪ੍ਰਭਾਵਿਤ ਹਨ, ਜਿਸ ਕਾਰਨ ਆਮ ਜਨਜੀਵਨ ਠੱਪ ਹੋ ਗਿਆ ਹੈ। ਖੇਤ ਡੁੱਬ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਦੇ ਲੋਕਾਂ ਨਾਲ ਪੂਰੀ ਤਰ੍ਹਾਂ ਖੜ੍ਹਾ ਹੈ।
ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਮੈਨੂੰ ਪੰਜਾਬ ਭੇਜਿਆ ਹੈ। ਅਸੀਂ ਸਥਿਤੀ ਦਾ ਜਾਇਜ਼ਾ ਲਵਾਂਗੇ ਅਤੇ ਲੋਕਾਂ ਨਾਲ ਗੱਲ ਕਰਾਂਗੇ। ਚੌਹਾਨ ਨੇ ਕਿਹਾ ਕਿ ਹੜ੍ਹਾਂ ਤੋਂ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਦੋ ਕੇਂਦਰੀ ਟੀਮਾਂ ਵੀ ਪੰਜਾਬ ਪਹੁੰਚੀਆਂ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰੀ ਟੀਮਾਂ ਵਿੱਚ ਖੇਤੀਬਾੜੀ, ਪੇਂਡੂ ਵਿਕਾਸ, ਸੜਕ, ਊਰਜਾ, ਵਿੱਤ ਅਤੇ ਜਲ ਸ਼ਕਤੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਟੀਮਾਂ ਸਥਿਤੀ ਦਾ ਮੁਲਾਂਕਣ ਕਰਨਗੀਆਂ ਅਤੇ ਕੇਂਦਰ ਨੂੰ ਵਿਸਤ੍ਰਿਤ ਰਿਪੋਰਟ ਦੇਣਗੀਆਂ।
‘ਮੰਤਰੀ ਨਹੀਂ ਸਗੋਂ ਪੰਜਾਬ ਦੇ ਸੇਵਕ ਵਜੋਂ ਆਇਆ’
ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ- ਮੈਂ ਮੰਤਰੀ ਵਜੋਂ ਨਹੀਂ ਸਗੋਂ ਕਿਸਾਨਾਂ ਅਤੇ ਪੰਜਾਬ ਦੇ ਸੇਵਕ ਵਜੋਂ ਆਇਆ ਹਾਂ। ਇੱਥੇ ਬਹੁਤ ਤਬਾਹੀ ਅਤੇ ਹੜ੍ਹ ਦੀ ਸਥਿਤੀ ਹੈ। ਖੇਤ ਪਾਣੀ ਨਾਲ ਭਰੇ ਹੋਏ ਹਨ। ਫਸਲਾਂ ਪੂਰੀ ਤਰ੍ਹਾਂ ਤਬਾਹ ਅਤੇ ਬਰਬਾਦ ਹੋ ਗਈਆਂ ਹਨ। ਸਥਿਤੀ ਦੇਖ ਕੇ ਮਨ ਹਿੱਲ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਜਨਜੀਵਨ ਨੂੰ ਵਿਗਾੜ ਦਿੱਤਾ ਹੈ ਅਤੇ ਕਿਸਾਨਾਂ ਦੀ ਹਾਲਤ ਬਹੁਤ ਮਾੜੀ ਹੈ। ਹੁਣ ਤੱਕ ਦੀ ਜਾਣਕਾਰੀ ਮੁਤਾਬਕ, 1.5 ਲੱਖ ਹੈਕਟੇਅਰ ਤੋਂ ਵੱਧ ਖੇਤਰ ਵਿੱਚ ਖੜ੍ਹੀਆਂ ਫਸਲਾਂ ਪਾਣੀ ਵਿੱਚ ਡੁੱਬੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੇ ਹਨ।
ਗਰਾਊਂਡ ਜ਼ੀਰੋ ਤੋਂ ਲਿਆ ਜਾਇਜ਼ਾ
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀਰਵਾਰ ਨੂੰ ਗਰਾਊਂਡ ਜ਼ੀਰੋ ਪਹੁੰਚੇ। ਉਨ੍ਹਾਂ ਨੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ। ਟਰੈਕਟਰ ‘ਤੇ ਸਵਾਰ ਹੋ ਕੇ, ਚੌਹਾਨ ਨੇ ਗੁਰਦਾਸਪੁਰ ਵਿੱਚ ਡੁੱਬੇ ਹੋਏ ਖੇਤ ਦਾ ਵੀ ਦੌਰਾ ਕੀਤਾ ਅਤੇ ਹੜ੍ਹਾਂ ਨਾਲ ਨੁਕਸਾਨੀ ਗਈ ਝੋਨੇ ਦੀ ਫਸਲ ਦਾ ਨਿਰੀਖਣ ਕੀਤਾ। ਦੋ ਕੇਂਦਰੀ ਟੀਮਾਂ ਵੀ ਪੰਜਾਬ ਦਾ ਦੌਰਾ ਕਰ ਰਹੀਆਂ ਹਨ ਅਤੇ ਉਹ ਕੇਂਦਰ ਨੂੰ ਰਿਪੋਰਟ ਸੌਂਪਣਗੀਆਂ।
ਚੌਹਾਨ ਦੇ ਨਾਲ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੰਜਾਬ ਇਕਾਈ ਦੇ ਮੁਖੀ ਸੁਨੀਲ ਜਾਖੜ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਸੂਬਾ ਭਾਜਪਾ ਨੇਤਾ ਸੁਭਾਸ਼ ਸ਼ਰਮਾ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਸੀ। ਇਸ ਤੋਂ ਪਹਿਲਾਂ, ਇੱਥੇ ਪਹੁੰਚਣ ‘ਤੇ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹੜ੍ਹ ਦੀ ਸਥਿਤੀ ਬਾਰੇ ਇੱਕ ਵਿਸਥਾਰਤ ਰਿਪੋਰਟ ਸੌਂਪੀ।