ਕੈਨੇਡਾ ‘ਚ ਪੰਜਾਬੀ ਕਾਰੋਬਾਰੀ ਦਾ ਕਤਲ
Punjabi businessman murdered in Canada: ਚੰਡੀਗੜ੍ਹ: ਕੈਨੇਡਾ ਦੇ ਅਲਬਰਟਾ ਸੂਬੇ ਦੀ ਰਾਜਧਾਨੀ ਐਡਮੰਟਨ ਵਿੱਚ ਇੱਕ ਪੰਜਾਬੀ ਕਾਰੋਬਾਰੀ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 48 ਸਾਲਾ ਸੁਖਜੀਤ ਸਿੰਘ ਰੰਧਾਵਾ ਵਜੋਂ ਹੋਈ ਹੈ, ਜੋ Liqure Shop ਦਾ ਮਾਲਕ ਸੀ। ਪੁਲਿਸ ਮੁਤਾਬਕ ਇਹ ਘਟਨਾ 112 ਐਵੇਨਿਊ ਅਤੇ 82 ਸਟਰੀਟ ਇਲਾਕੇ ਵਿੱਚ ਦੇਰ ਰਾਤ ਵਾਪਰੀ। ਇੱਕ ਨੌਜਵਾਨ ਠੇਕੇ ਵਿੱਚੋਂ ਬਿਨਾਂ ਪੈਸੇ ਦਿੱਤੇ ਸ਼ਰਾਬ ਦੀਆਂ ਦੋ ਬੋਤਲਾਂ ਲੈ ਕੇ ਬਾਹਰ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਸੁਖਜੀਤ ਸਿੰਘ ਨੇ ਰਿਮੋਟ ਰਾਹੀਂ ਦਰਵਾਜ਼ਾ ਬੰਦ ਕਰ ਦਿੱਤਾ।
ਇਸ ਤੋਂ ਬਾਅਦ ਗੁੱਸੇ ਵਿੱਚ ਆਏ ਨੌਜਵਾਨ ਨੇ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰ ਨਾਲ ਸੁਖਜੀਤ ਸਿੰਘ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਦਰਵਾਜ਼ਾ ਬੰਦ ਹੋਣ ਕਾਰਨ ਮੁਲਜ਼ਮ ਮੌਕੇ ਤੋਂ ਭੱਜ ਨਹੀਂ ਸਕਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ 22 ਸਾਲਾ ਨਿਕੋਲਸ ਬਟਲਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ।
ਘਟਨਾ ਤੋਂ ਬਾਅਦ ਐਡਮੰਟਨ ਵਿੱਚ ਕਾਰੋਬਾਰੀ ਭਾਈਚਾਰੇ ਵਿੱਚ ਮੁੜ ਚਿੰਤਾ ਦਾ ਮਾਹੌਲ ਹੈ। ਕਾਰੋਬਾਰੀਆਂ ਨੇ ਸਰਕਾਰ ਤੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰਨ ਅਤੇ ਹਿੰਸਕ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕੀਤੀ ਹੈ।
