Uttarakhand ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਰਿਟਾ.) ਸ੍ਰੀ ਗੁਰਮੀਤ ਸਿੰਘ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਰਾਜਪਾਲ ਗੁਰਮੀਤ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜਲਾਲ ਉਸਮਾ ਵਿੱਚ ਜਨਮ ਲੈਣ ਕਾਰਨ ਉਨ੍ਹਾਂ ਦਾ ਇਸ ਧਰਤੀ ਨਾਲ ਡੂੰਘਾ ਰਿਸ਼ਤਾ ਹੈ। ਉਨ੍ਹਾਂ ਆਪਣੀਆਂ ਬਚਪਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਜਦੋਂ ਉਹ ਸੈਕੰਡ ਲੈਫਟੀਨੈਂਟ ਬਣੇ ਸਨ, ਉਦੋਂ ਵੀ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਆਏ ਸਨ।
ਉਨ੍ਹਾਂ ਕਿਹਾ ਕਿ ਇੱਥੇ ਆ ਕੇ ਆਤਮਾ ਰੀਚਾਰਜ ਹੋ ਜਾਂਦੀ ਹੈ। ਮੈਂ ਪੂਰੀ ਮਾਨਵਤਾ, ਭਾਰਤੀਆਂ ਅਤੇ ਖਾਸ ਕਰਕੇ ਉੱਤਰਾਖੰਡ ਤੇ ਪੰਜਾਬ ਦੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਆਇਆ ਹਾਂ।” ਉਨ੍ਹਾਂ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਤੇ ਗੁਰੂ ਨਾਨਕ ਦੇਵ ਜੀ ਦੇ ‘ਏਕਤਾ’ ਦੇ ਉਪਦੇਸ਼ ਨੂੰ ਪੂਰੀ ਦੁਨੀਆ ਲਈ ਮਾਰਗਦਰਸ਼ਕ ਦੱਸਿਆ।
ਰਾਜਪਾਲ ਨੇ ਖੁਸ਼ਖਬਰੀ ਸਾਂਝੀ ਕੀਤੀ ਕਿ ਉੱਤਰਾਖੰਡ ਵਿੱਚ ਸਥਿਤ ਸ੍ਰੀ ਹੇਮਕੁੰਟ ਸਾਹਿਬ ਲਈ ਰੋਪਵੇਅ ਦਾ ਕੰਟਰੈਕਟ ਹੋ ਚੁੱਕਾ ਹੈ ਅਤੇ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ, ਜਿਸ ਨਾਲ ਸ਼ਰਧਾਲੂਆਂ ਨੂੰ ਦਰਸ਼ਨਾਂ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ‘ਵੀਰ ਬਾਲ ਦਿਵਸ’ ਵਰਗੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਨਗਰੀ ਦਾ ਜੰਮਪਲ ਅੱਜ ਦੇਸ਼ ਦੇ ਉੱਚ ਅਹੁਦੇ ‘ਤੇ ਸੇਵਾ ਨਿਭਾ ਰਿਹਾ ਹੈ। ਇਸ ਦੇ ਨਾਲ ਹੀ ਅੱਜ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਉਨ੍ਹਾਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਗੁਰੂ ਸਾਹਿਬ ਵੱਲੋਂ ਬਖਸ਼ੀ ਗੁਰਮੁਖੀ ਲਿਪੀ ਅਤੇ ਸੇਵਾ-ਸਿਮਰਨ ਦੇ ਸਿਧਾਂਤਾਂ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੌਣਕਾਂ ਰਹੀਆਂ ਅਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।