Virsa Singh Valtoha: ਅਕਾਲੀ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਬੁਲਾਰੇ ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੁੱਜੇ ਅਤੇ ਉਨ੍ਹਾਂ 15 ਅਕਤੂਬਰ 2024 ਨੂੰ ਪੰਜ ਸਿੰਘ ਸਾਹਿਬਾਨ ਦੁਆਰਾ ਆਦੇਸ਼ ਜਾਰੀ ਕਰਕੇ ਅਕਾਲੀ ਦਲ ਵਿਚੋਂ 10 ਸਾਲ ਲਈ ਮੈਂਬਰਸ਼ਿਪ ਖਾਰਜ ਕਰਨ ਦੇ ਆਦੇਸ਼ ’ਤੇ ਮੁੜ ਵਿਚਾਰ ਕਰਨ ਦੀ ਬੇਨਤੀ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਲਟੋਹਾ ਨੇ ਕਿਹਾ ਕਿ ਉਹ ਆਪਣੇ ਮਾਮਲੇ ਵਿਚ ਜਥੇਦਾਰ ਸਾਹਿਬ ਦੇ ਨਾਮ ਬੇਨਤੀ ਪੱਤਰ ਲੈ ਕੇ ਆਏ ਹਨ। ਉਨ੍ਹਾਂ ਨੇ ਹਮੇਸ਼ਾ ਹੀ ਸਿੱਖੀ ਸਿਧਾਂਤਾਂ ਦੀ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਦੀ ਗੱਲ ਕੀਤੀ ਹੈ। ਉਨ੍ਹਾਂ ਅੱਜ ਆਪਣੇ ਪੱਤਰ ਵਿਚ ਬੇਨਤੀ ਕੀਤੀ ਹੈ ਕਿ ਉਨ੍ਹਾਂ ਸੰਬੰਧੀ ਪਿਛਲੇ ਸਿੰਘ ਸਾਹਿਬਾਨ ਵਲੋਂ ਜਾਰੀ ਆਦੇਸ਼ ’ਤੇ ਮੁੜ ਵਿਚਾਰ ਕੀਤਾ ਜਾਵੇ। ਇਸ ਤੋਂ ਪਹਿਲਾਂ ਵਲਟੋਹਾ ਨੇ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੂੰ ਜਥੇਦਾਰ ਗੜਗੱਜ ਦੇ ਨਾਮ ਆਪਣਾ ਬੇਨਤੀ ਪੱਤਰ ਸੌਂਪਿਆ ਗਿਆ।