Punjab Floods: ਭੁੱਲਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮੁਸ਼ਕਿਲ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ।
Flood in Tarn Taran: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੱਟੀ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਲਗਾਤਾਰ ਹੋ ਰਹੀ ਬਾਰਿਸ਼ ਦੇ ਬਾਵਜੂਦ, ਉਹ ਜੱਲੋਕੇ, ਕੋਟ ਬੁੱਢਾ, ਭਾਊਵਾਲ, ਰਾਦਲਕੇ, ਘੜੁੰਮ, ਰਸੂਲਪੁਰ, ਝੁੱਗੀਆਂ ਨੱਥਾ ਸਿੰਘ, ਸਭਰਾ ਦੀਆਂ ਬਹਿਕਾਂ, ਘੁੱਲੇਵਾਲਾ, ਅਤੇ ਭੂਰਾ ਹਥਾੜ ਵਰਗੇ ਪਿੰਡਾਂ ਵਿੱਚ ਪਹੁੰਚੇ ਅਤੇ ਲੋਕਾਂ ਦਾ ਹਾਲ-ਚਾਲ ਜਾਣਿਆ।
ਲੋਕਾਂ ਲਈ ਰਾਹਤ ਅਤੇ ਮਦਦ ਦਾ ਭਰੋਸਾ
ਭੁੱਲਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮੁਸ਼ਕਿਲ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਇਲਾਕਾ ਸਿਰਫ਼ ਉਨ੍ਹਾਂ ਦਾ ਹਲਕਾ ਹੀ ਨਹੀਂ, ਬਲਕਿ ਉਨ੍ਹਾਂ ਦਾ ਪਰਿਵਾਰ ਹੈ। ਉਨ੍ਹਾਂ ਨੇ ਪ੍ਰਭਾਵਿਤ ਲੋਕਾਂ ਨੂੰ ਜ਼ਰੂਰੀ ਵਸਤਾਂ ਜਿਵੇਂ ਕਿ ਰਾਸ਼ਨ, ਦਵਾਈਆਂ, ਤਰਪਾਲਾਂ ਅਤੇ ਪਸ਼ੂਆਂ ਲਈ ਚਾਰਾ, ਫੀਡ ਅਤੇ ਚੋਕਰ ਦੀ ਵੰਡ ਕੀਤੀ।
ਮੁੱਖ ਮੰਤਰੀ ਦੀ ਨਿਗਰਾਨੀ ਅਤੇ ਪ੍ਰਸ਼ਾਸਨ ਨੂੰ ਹਦਾਇਤਾਂ
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਨੇ ਪ੍ਰਸ਼ਾਸਨ ਅਤੇ ਸਾਰੇ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਉਹ ਲੋਕਾਂ ਤੱਕ ਜ਼ਰੂਰੀ ਰਾਹਤ ਸਮੱਗਰੀ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੋਵੇ ਤਾਂ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ।
ਫ਼ਸਲਾਂ ਦੇ ਨੁਕਸਾਨ ਅਤੇ ਮੁਆਵਜ਼ਾ
ਭੁੱਲਰ ਨੇ ਕਿਹਾ ਕਿ ਹਰੀਕੇ ਹਥਾੜ ਖੇਤਰ ਵਿੱਚ ਦਰਿਆ ਦੇ ਪਾਣੀ ਕਾਰਨ ਹਜ਼ਾਰਾਂ ਏਕੜ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।
ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ
ਇਸ ਮੌਕੇ ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਦਾ ਵੀ ਧੰਨਵਾਦ ਕੀਤਾ, ਜੋ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ ਬੰਨ੍ਹ ਦੀ ਮਜ਼ਬੂਤੀ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।