ਅਜਨਾਲਾ ਤੋਂ ਵਾਰਿਸ ਪੰਜਾਬ ਦੇ’ ਹਲਕਾ ਇੰਚਾਰਜ ‘ਆਪ’ ਵਿੱਚ ਸ਼ਾਮਿਲ
Waris Punjab De Leaders Join AAP; ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਅਤੇ ਸੂਬੇ ਵਿੱਚ ਵਿਕਾਸ ਦੀ ਲਹਿਰ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂਆਂ ਦਾ ‘ਆਪ’ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਬੁੱਧਵਾਰ ਨੂੰ ਸੂਬਾ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਮੁੱਖ ਆਗੂਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।
ਇਸ ਮੌਕੇ ‘ਵਾਰਿਸ ਪੰਜਾਬ ਦੇ’ ਅਜਨਾਲਾ ਤੋਂ ਹਲਕਾ ਇੰਚਾਰਜ ਰਹੇ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਦੇ ਨਾਲ-ਨਾਲ ਅਜਨਾਲਾ ਅਤੇ ਰਮਦਾਸ ਇਲਾਕੇ ਨਾਲ ਸਬੰਧਤ ਕਈ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੀ ‘ਆਪ’ ਦੀ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਪਾਰਟੀ ਜੁਆਇਨ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਮੂਹ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਆਸ ਪ੍ਰਗਟਾਈ ਕਿ ਇਨ੍ਹਾਂ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਜ਼ਮੀਨੀ ਪੱਧਰ ਉੱਤੇ ‘ਆਪ’ ਦਾ ਜਥੇਬੰਦਕ ਆਧਾਰ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ।
ਮੁਖਮੰਤਰੀ ਭਗਵੰਤ ਮਾਨ ਨੇ X ‘ਤੇ ਲਿਖਿਆ ” ਅੱਜ ‘ਵਾਰਿਸ ਪੰਜਾਬ ਦੇ’ ਪਾਰਟੀ ਛੱਡ ਕੇ ਕਈ ਪ੍ਰਮੁੱਖ ਆਗੂਆਂ ਅਤੇ ਸੇਵਾਦਾਰਾਂ ਨੇ ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿੱਚ ਸ਼ਮੂਲੀਅਤ ਕੀਤੀ। ਅਜਨਾਲਾ ਤੋਂ ਪਾਰਟੀ ਦੇ ਪਹਿਲੇ ਉਮੀਦਵਾਰ ਰਹੇ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਹੋਰ ਅਹੁਦੇਦਾਰਾਂ ਦਾ ‘ਆਪ’ ਪਰਿਵਾਰ ‘ਚ ਆਉਣ ‘ਤੇ ਨਿੱਘਾ ਸਵਾਗਤ ਹੈ… ਇਸ ਮੌਕੇ ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਚੇਅਰਮੈਨ ਮਨਜੀਤ ਸਿੰਘ ਭੋਮਾ ਜੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਾਡੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੀ ਤਰੱਕੀ ਚਾਹੁਣ ਵਾਲੇ ਹਰ ਰੋਜ਼ ਸਾਡੇ ਨਾਲ ਜੁੜ ਰਹੇ ਹਨ… ਆਓ ਸਾਰੇ ਮਿਲ ਕੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਈਏ। ਇਨਕਲਾਬ ਜ਼ਿੰਦਾਬਾਦ!”
ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਭਲੇ ਲਈ ਲਗਾਤਾਰ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।