ਜਲ ਸਰੋਤ ਮੰਤਰੀ ਨੇ ਚਲ ਰਹੇ ਕਾਰਜਾਂ ਦੀ ਕੀਤੀ ਸਮੀਖਿਆ
ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਹੰਗਾਮੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ।
ਉਨ੍ਹਾਂ ਸੂਬੇ ਭਰ ਵਿੱਚ ਬੰਨ੍ਹਾਂ ਦੇ ਪਾੜਾਂ ਨੂੰ ਪੂਰਨ ਅਤੇ ਸੰਵੇਦਨਸ਼ੀਲ ਹਿੱਸਿਆਂ ਨੂੰ ਮਜ਼ਬੂਤ ਕਰਨ ਲਈ ਵਿੱਢੇ ਕਾਰਜਾਂ ਬਾਰੇ ਵੀ ਜਾਣਕਾਰੀ ਲਈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਰਿਪੋਰਟ ਹੋਏ 44 ਪਾੜਾਂ ਵਿੱਚੋਂ ਜ਼ਿਆਦਾਤਰ ਪਾੜ ਪਹਿਲਾਂ ਹੀ ਪੂਰੇ ਜਾ ਚੁੱਕੇ ਹਨ ਜਦੋਂ ਕਿ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਭਵਿੱਖ ਵਿੱਚ ਪਾਣੀ ਦਾ ਵੱਧ ਵਹਾਅ ਆਉਂਦਾ ਹੈ ਤਾਂ ਵਿਭਾਗ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਬਰ-ਤਿਆਰ ਰਹੇ। ਉਨ੍ਹਾਂ ਅੱਗੇ ਕਿਹਾ ਕਿ ਇਸ ਔਖੀ ਘੜੀ ਵਿੱਚ ਇਹ ਬੇਹੱਦ ਜ਼ਰੂਰੀ ਹੈ ਕਿ ਇਨ੍ਹਾਂ ਕਾਰਜਾਂ ਲਈ ਵਿਭਾਗ ਦੇ ਸਾਰੇ ਸਰੋਤ ਜੁਟਾਏ ਜਾਣ ਅਤੇ ਇਸ ਦੇ ਮੁਕੰਮਲ ਹੋਣ ਤੱਕ ਸਖ਼ਤ ਨਿਗਰਾਨੀ ਰੱਖੀ ਜਾਵੇ।
ਬਰਿੰਦਰ ਕੁਮਾਰ ਗੋਇਲ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਨ੍ਹਾਂ ਬੰਨ੍ਹਾਂ ਅਤੇ ਹੋਰ ਵਿਭਾਗੀ ਸੰਪਤੀਆਂ ਨੂੰ ਹੋਏ ਨੁਕਸਾਨ ਸਬੰਧੀ ਚੱਲ ਰਹੇ ਮੁਲਾਂਕਣ ਨੂੰ ਵੀ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਦੀ ਸਮੇਂ ਸਿਰ ਮੁਰੰਮਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਸੁਰੱਖਿਆ ਉਪਾਵਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦਰਿਆਵਾਂ ਕੰਢੇ ਵਸਦੇ ਲੋਕਾਂ, ਖੇਤੀਬਾੜੀ ਜ਼ਮੀਨਾਂ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।