ਕਿਸਾਨਾਂ ਨੂੰ ਖੇਤੀ ਤੋਂ ਉਜਾੜਨ ਦੀ ਸਾਜ਼ਿਸ਼ ਬਰਦਾਸ਼ਤ ਨਹੀਂ ਕਰਾਂਗੇ, ਸੰਘਰਸ਼ ਹੋਵੇਗਾ ਹੋਰ ਤਿੱਖਾ: ਕੁੱਲ ਹਿੰਦ ਕਿਸਾਨ ਸਭਾ
ਹੁਸ਼ਿਆਰਪੁਰ, 16 ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਲੜਾਈ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਬਲਜੀਤ ਸਿੰਘ ਗਰੇਵਾਲ ਜਨਰਲ ਸਕੱਤਰ ਪੰਜਾਬ, ਕਾਂਮਰੇਡ ਗੁਰਨੇਕ ਸਿੰਘ ਭੱਜਲ , ਦਰਸ਼ਨ ਸਿੰਘ ਮੱਟੂ ਮੀਤ ਪ੍ਰਧਾਨ ਤੇ ਹੋਰ ਮੈਂਬਰਾਂ ਮੀਟਿੰਗ ਦੌਰਾਨ ਕਿਹਾ ਹੈ ਕਿ ਕਾਰਪੋਰੇਟ ਪੱਖੀ ਨੀਤੀਆਂ ਰਾਹੀਂ ਕਿਸਾਨਾਂ ਨੂੰ ਖੇਤੀ ਅਤੇ ਜ਼ਮੀਨਾਂ ਤੋਂ ਬੇਦਖਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਖੇਤੀਬਾੜੀ ਸੈਕਟਰ ਸਭ ਤੋਂ ਵੱਡੇ ਸੰਕਟ ਵਿੱਚੋਂ ਲੰਘ ਰਿਹਾ ਹੈ। ਸਰਕਾਰਾਂ ਦੀਆਂ ਨੀਤੀਆਂ ਕਿਸਾਨਾਂ ਨੂੰ ਖੇਤੀ ਤੋਂ ਦੂਰ ਕਰਕੇ ਉਨ੍ਹਾਂ ਨੂੰ ਦਿਹਾੜੀਦਾਰ ਮਜ਼ਦੂਰ ਬਣਾਉਣ ਵੱਲ ਧੱਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ਕਿਸਾਨਾਂ ਦੀ ਪੁਸ਼ਤੈਨੀ ਵਿਰਾਸਤ ਹੈ ਅਤੇ ਇਸ ’ਤੇ ਕਿਸੇ ਵੀ ਤਰ੍ਹਾਂ ਦਾ ਹੱਕ ਖੋਹਣ ਨਹੀਂ ਦਿੱਤਾ ਜਾਵੇਗਾ। ਆਗੂਆਂ ਨੇ ਦਾਅਵਾ ਕੀਤਾ ਕਿ ਕੁੱਲ ਹਿੰਦ ਕਿਸਾਨ ਸਭਾ ਦੇਸ਼ ਦੀ ਸਭ ਤੋਂ ਪੁਰਾਣੀ ਅਤੇ ਸੰਘਰਸ਼ਸ਼ੀਲ ਕਿਸਾਨ ਜਥੇਬੰਦੀ ਹੈ, ਜੋ ਹਮੇਸ਼ਾ ਗਰੀਬ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਕਾਸ਼ਤਕਾਰਾਂ ਦੇ ਹੱਕਾਂ ਦੀ ਲੜਾਈ ਲੜਦੀ ਆਈ ਹੈ। ਉਨ੍ਹਾਂ ਕਿਹਾ ਕਿ ਕੁਝ ਨਵੀਆਂ ਜਥੇਬੰਦੀਆਂ ਲੋਕਾਂ ਤੋਂ ਪੈਸੇ ਇਕੱਠੇ ਕਰਨ ਵਿੱਚ ਰੁੱਝੀਆਂ ਹੋਈਆਂ ਹਨ, ਜਦਕਿ ਕਿਸਾਨ ਸਭਾ ਮੈਂਬਰਸ਼ਿਪ ਆਧਾਰਿਤ ਲੋਕਤੰਤਰੀ ਢਾਂਚੇ ਨਾਲ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ’ਤੇ ਹੋ ਰਹੇ ਹਮਲਿਆਂ ਦਾ ਮੁਕਾਬਲਾ ਸਿਰਫ਼ ਸੰਗਠਿਤ ਲੋਕ ਤਾਕਤ ਨਾਲ ਹੀ ਕੀਤਾ ਜਾ ਸਕਦਾ ਹੈ।
ਇਸ ਲਈ ਪਿੰਡ, ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਜਥੇਬੰਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵੱਡੇ ਪੱਧਰ ’ਤੇ ਮੈਂਬਰਸ਼ਿਪ ਮੁਹਿੰਮ ਚਲਾਉਣ ਦੀ ਲੋੜ ਹੈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ 2020-21 ਦੇ ਇਤਿਹਾਸਕ ਕਿਸਾਨ ਅੰਦੋਲਨ ਨੂੰ ਖੜ੍ਹਾ ਕਰਨ ਅਤੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੂੰ ਇੱਕ ਮੰਚ ’ਤੇ ਲਿਆਉਣ ਵਿੱਚ ਕੁੱਲ ਹਿੰਦ ਕਿਸਾਨ ਸਭਾ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਅੱਜ ਵੀ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਲੜਾਈ ਹੋਰ ਤੇਜ਼ ਕੀਤੀ ਜਾਵੇਗੀ। ਆਗੂਆਂ ਨੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਜਥੇਬੰਦੀ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸਾਨੀ, ਜ਼ਮੀਨ ਅਤੇ ਰੋਜ਼ੀ-ਰੋਟੀ ਬਚਾਉਣ ਲਈ ਮਜ਼ਬੂਤ ਏਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ।