ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਜੰਗ ਤਹਿਤ ਨਸ਼ਾ ਤਸਕਰਾਂ ਦੇ ਘਰਾਂ ’ਤੇ ਚਲਾਇਆ ‘ਪੀਲਾ ਪੰਜਾ’
War On Drug In Punjab; ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਥਾਣਾ ਚੱਬੇਵਾਲ ਅਧੀਨ ਪੈਂਦੇ ਪਿੰਡ ਸਰੇਆਲਾ ਕਲਾਂ ਵਿੱਚ ਨਸ਼ਾ ਤਸਕਰਾਂ ਵੱਲੋਂ ਪੰਚਾਇਤੀ ਜ਼ਮੀਨ ’ਤੇ ਕੀਤੇ ਨਜਾਇਜ਼ ਕਬਜ਼ੇ ਹਟਾਉਂਦਿਆਂ ਉਨ੍ਹਾਂ ਦੇ ਘਰਾਂ ਨੂੰ ਢਾਹ ਦਿੱਤਾ। ਇਸ ਮੌਕੇ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ।
ਜਾਣਕਾਰੀ ਦਿੰਦਿਆਂ ਐਸ.ਪੀ. ਮੇਜਰ ਸਿੰਘ ਨੇ ਦੱਸਿਆ ਕਿ ਜਿਸ ਪਰਿਵਾਰ ਵਿਰੁੱਧ ਇਹ ਕਾਰਵਾਈ ਕੀਤੀ ਗਈ ਹੈ, ਉਸ ਦੇ ਮੈਂਬਰ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਲਿਪਤ ਹਨ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਮੈਂਬਰਾਂ (ਨੀਲਮ, ਅਮਰੀਕ ਸਿੰਘ, ਸੋਨੂੰ ਅਤੇ ਨਰਿੰਦਰ ਕੌਰ) ਵਿਰੁੱਧ ਨਸ਼ਾ ਤਸਕਰੀ ਦੇ ਲਗਭਗ 13 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚੋਂ ਕਈਆਂ ਵਿੱਚ ਅਦਾਲਤ ਵੱਲੋਂ ਸਜ਼ਾ ਵੀ ਸੁਣਾਈ ਜਾ ਚੁੱਕੀ ਹੈ।
ਐਸ.ਪੀ. ਮੇਜਰ ਸਿੰਘ ਨੇ ਦੱਸਿਆ ਕਿ ਤਸਕਰਾਂ ਨੇ ਪਿੰਡ ਦੀ ਪੰਚਾਇਤੀ ਜ਼ਮੀਨ ’ਤੇ ਨਜਾਇਜ਼ ਕਬਜ਼ਾ ਕਰਕੇ ਵੱਡੇ ਘਰ ਬਣਾਏ ਹੋਏ ਸਨ। ਬੀ.ਡੀ.ਪੀ.ਓ. ਅਤੇ ਪੰਚਾਇਤ ਵਿਭਾਗ ਵੱਲੋਂ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਉਪਰੰਤ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ’ਤੇ ਅੱਜ ਜੇ.ਸੀ.ਬੀ. ਮਸ਼ੀਨਾਂ (ਪੀਲਾ ਪੰਜਾ) ਰਾਹੀਂ ਇਨ੍ਹਾਂ ਨਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ।