ਸ਼ੱਕੀ ਹਲਾਤਾਂ ‘ਚ ਨੌਜਵਾਨ ਦੀ ਮੌਤ, ਪਿਤਾ ਨੇ ਚੁੱਕੇ ਗੰਭੀਰ ਸਵਾਲ
Sultanpur Lodhi News; ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ ਵਿੱਚ ਪੈਂਦੇ ਪਿੰਡ ਗਾਜੀਪੁਰ ਦੇ 20 ਸਾਲਾ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੂੰ ਖ਼ਦਸ਼ਾ ਹੈ ਕਿ ਨੌਜਵਾਨ ਦੀ ਮੌਤ ਟੀਕੇ ਰਾਹੀਂ ਨਸ਼ਾ ਲੈਣ ਕਾਰਨ ਹੋਈ ਓਵਰਡੋਜ਼ ਨਾਲ ਹੋ ਸਕਦੀ ਹੈ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ।
ਮ੍ਰਿਤਕ ਦੇ ਪਿਤਾ ਜਗਤਾਰ ਸਿੰਘ ਮੁਤਾਬਕ, ਉਨ੍ਹਾਂ ਦਾ ਪੁੱਤਰ ਨਸ਼ੇ ਦਾ ਆਦੀ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਕਿਸੇ ਜਾਣਕਾਰ ਦਾ ਫ਼ੋਨ ਆਇਆ ਸੀ, ਜਿਸ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦਾ ਪੁੱਤਰ ਪਿੰਡ ਤੋਤੀ ਵਿੱਚ ਇੱਕ ਟਿਊਬਵੈੱਲ ’ਤੇ ਬੇਹੋਸ਼ ਪਿਆ ਹੈ।
ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਮੌਕੇ ’ਤੇ ਪਹੁੰਚਿਆ, ਜਿੱਥੇ ਨੌਜਵਾਨ ਦੀ ਹਾਲਤ ਬੇਹੱਦ ਗੰਭੀਰ ਸੀ। ਇਸ ਘਟਨਾ ਕਾਰਨ ਪਰਿਵਾਰ ਡੂੰਘੇ ਸਦਮੇ ਵਿੱਚ ਹੈ।
ਜਗਤਾਰ ਸਿੰਘ ਨੇ ਪਿੰਡ ਤੋਤੀ ਵਿੱਚ ਨਸ਼ੇ ਦੀ ਸਮੱਸਿਆ ’ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦਾਅਵਾ ਕੀਤਾ ਕਿ ਇਲਾਕੇ ਵਿੱਚ ਅਕਸਰ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਦਿਖਾਈ ਦਿੰਦੇ ਹਨ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਠੋਸ ਕਦਮ ਚੁੱਕੇ ਜਾਣ।
ਇਸ ਘਟਨਾ ਨੇ ਇੱਕ ਵਾਰ ਫਿਰ ਨੌਜਵਾਨ ਪੀੜ੍ਹੀ ਵਿੱਚ ਨਸ਼ੇ ਦੀ ਸਮੱਸਿਆ ਅਤੇ ਇਸ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ’ਤੇ ਸਵਾਲ ਖੜ੍ਹੇ ਕੀਤੇ ਹਨ।