ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਿੰਡ ਦੇ ਸਰਪੰਚ ‘ਤੇ ਲੱਗੇ ਦੋਸ਼
ਫਤਿਹਗੜ੍ਹ ਚੂੜੀਆਂ: ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਪਰਾਚਾ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ ਨੌਜਵਾਨ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਿਕਰਮ ਸਿੰਘ ਉਰਫ਼ ਬਿੱਕੂ ਵਜੋਂ ਹੋਈ ਹੈ। ਉਸ ਦੇ ਪਰਿਵਾਰ ਨੇ ਪਿੰਡ ਦੇ ਸਰਪੰਚ ਅਤੇ ਉਸ ਦੇ ਸਾਥੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰਨ ਦੇ ਦੋਸ਼ ਲਗਾਏ ਹਨ।
ਮ੍ਰਿਤਕ ਦੇ ਭਰਾ ਜਗਰੂਪ ਸਿੰਘ ਨੇ ਦੱਸਿਆ ਕਿ ਸਰਪੰਚ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਉਸ ਅਨੁਸਾਰ ਬੀਤੀ ਸ਼ਾਮ ਬਿਕਰਮ ਸਿੰਘ ਫਤਿਹਗੜ੍ਹ ਚੂੜੀਆਂ ਤੋਂ ਕੰਮ ਨਿਪਟਾ ਕੇ ਆਪਣੇ ਪਿੰਡ ਪਰਤ ਰਿਹਾ ਸੀ। ਜਦੋਂ ਉਹ ਪਿੰਡ ਦੇ ਮੋੜ ’ਤੇ ਪਹੁੰਚਿਆ ਤਾਂ ਕਥਿਤ ਤੌਰ ’ਤੇ ਸਰਪੰਚ ਅਤੇ ਉਸ ਦੇ ਸਾਥੀ ਉੱਥੇ ਪਹਿਲਾਂ ਤੋਂ ਮੌਜੂਦ ਸਨ। ਉਨ੍ਹਾਂ ਨੇ ਬਿਕਰਮ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਬਿਕਰਮ ਸਿੰਘ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਸ ਦੀ ਮੌਤ ਹੋ ਗਈ।
ਜਗਰੂਪ ਸਿੰਘ ਦਾ ਦਾਅਵਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਮੁਲਜ਼ਮ ਉਸ ’ਤੇ ਹਮਲਾ ਕਰਨ ਦੀ ਤਾਕ ਵਿੱਚ ਸਨ। ਪਰਿਵਾਰ ਨੇ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪਰਿਵਾਰ ਵੱਲੋਂ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੀ ਪੁਲਿਸ ਚੌਕੀ ਮਾਲੇਵਾਲ ਵਿੱਚ ਮਾਮਲੇ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ। ਇਸ ਸਬੰਧੀ ਚੌਕੀ ਇੰਚਾਰਜ ਨੰਦ ਲਾਲ ਭੱਟੀ ਨੇ ਦੱਸਿਆ ਕਿ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਤੱਥਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।