‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Punjab Police Arrests Drug Peddlers: ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ।
Yudh Nashian Virudh: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 221ਵੇਂ ਦਿਨ ਪੰਜਾਬ ਪੁਲਿਸ ਨੇ 381 ਥਾਵਾਂ `ਤੇ ਛਾਪੇਮਾਰੀ ਕਰਨ ਉਪਰੰਤ ਸੂਬੇ ਭਰ ‘ਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 56 ਐਫਆਈਆਰਜ਼ ਦਰਜ ਕੀਤੀਆਂ। ਇਸ ਦੇ ਨਾਲ, 221 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,324 ਹੋ ਗਈ ਹੈ।
ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.6 ਕਿਲੋ ਹੈਰੋਇਨ, 1 ਕਿਲੋ ਅਫੀਮ, 484 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 29.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।
72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 381 ਥਾਵਾਂ ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 420 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 20 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।